- Updated: November 17, 2026 10:43 PM
ਦੱਖਣੀ ਰੂਸ ਦੇ ਕੇਮੇਰੋਵੋ ਇਲਾਕੇ ਵਿੱਚ ਮੰਗਲਵਾਰ ਨੂੰ ਇੱਕ ਦਰਦਨਾਕ ਹਵਾਈ ਹਾਦਸਾ ਵਾਪਰਿਆ, ਜਿਸ ਵਿੱਚ ਰੂਸ ਦਾ ਇੱਕ ਫ਼ੌਜੀ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਭਿਆਨਕ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਰਿਪੋਰਟਾਂ ਅਨੁਸਾਰ ਇਹ ਹਾਦਸਾ ਦੱਖਣ-ਪੱਛਮੀ ਸਾਇਬੇਰੀਆ ਦੇ ਯਾਗੁਨੋਵੋ ਪਿੰਡ ਨੇੜੇ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ 'ਐਂਟੋਨੋਵ ਏ.ਐਨ.-12' ਦੱਸਿਆ ਜਾ ਰਿਹਾ ਹੈ। ਇੱਕ ਚਸ਼ਮਦੀਦ ਗਵਾਹ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਜਹਾਜ਼ ਨੂੰ ਹਵਾ ਵਿੱਚ ਹੀ ਅੱਗ ਲੱਗ ਗਈ ਸੀ, ਜਿਸ ਤੋਂ ਬਾਅਦ ਉਹ ਤੇਜ਼ੀ ਨਾਲ ਹੇਠਾਂ ਆਇਆ ਅਤੇ ਜ਼ਮੀਨ ਨਾਲ ਟਕਰਾਉਂਦੇ ਹੀ ਉਸ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ।
ਕੇਮੇਰੋਵੋ ਦੇ ਗਵਰਨਰ ਇਲਿਆ ਸੇਰੇਡਿਊਕ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਹਾਜ਼ ਇਸ ਇਲਾਕੇ ਤੋਂ ਗੁਜ਼ਰ ਰਿਹਾ ਸੀ ਕਿ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਮਰਜੈਂਸੀ ਸੇਵਾਵਾਂ ਮੌਕੇ 'ਤੇ ਪਹੁੰਚ ਗਈਆਂ। ਗਵਰਨਰ ਨੇ ਕਿਹਾ ਕਿ ਖੇਤਰੀ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਹਾਲਾਂਕਿ, ਰੂਸ ਦੇ ਰੱਖਿਆ ਮੰਤਰਾਲੇ ਵੱਲੋਂ ਇਸ ਘਟਨਾ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।
ਦੂਜੇ ਪਾਸੇ, ਮੰਗਲਵਾਰ ਸਵੇਰੇ ਯੂਰਪੀ ਦੇਸ਼ ਸਰਬੀਆ ਦੇ ਉੱਤਰੀ ਹਿੱਸੇ ਵਿੱਚ ਵੀ ਇੱਕ ਮਿਗ-29 (MiG-29) ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਪਾਇਲਟ ਦੀ ਮੌਤ ਹੋ ਗਈ। ਸਰਬੀਆਈ ਰੱਖਿਆ ਮੰਤਰਾਲੇ ਅਨੁਸਾਰ ਇਹ ਹਾਦਸਾ ਰਾਜਧਾਨੀ ਬੇਲਗ੍ਰੇਡ ਤੋਂ ਕਰੀਬ 45 ਕਿਲੋਮੀਟਰ ਦੂਰ ਤਾਰਾ ਪਾਜ਼ੋਵਾ (Stara Pazova) ਸ਼ਹਿਰ ਨੇੜੇ ਸਥਾਨਕ ਸਮੇਂ ਅਨੁਸਾਰ ਸਵੇਰੇ ਕਰੀਬ 8:45 ਵਜੇ ਵਾਪਰਿਆ।