- Updated: July 15, 2026 04:55 PM
ਮਾਨਸਾ ਦੇ ਪਿੰਡ ਬੀਰੇਵਾਲਾ ਜੱਟਾਂ ਸਥਿਤ ਗੁਰਦੁਆਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਗੁਰਦੁਆਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਚ ਕੁਝ ਅੰਗਾਂ ‘ਤੇ ਗਲਤ ਸ਼ਬਦਾਵਲੀ ਲਿਖੀ ਗਈ। ਘਟਨਾ ਸਾਹਮਣੇ ਆਉਣ ਦੇ ਬਾਅਦ ਸੰਗਤ ਵਿਚ ਭਾਰੀ ਰੋਸ ਪਾਇਆ ਗਿਆ। ਉਨ੍ਹਾਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰਦੁਆਰੇ ਦੇ ਗ੍ਰੰਥੀ ਨੇ ਦੱਸਿਆ ਕਿ ਘਟਨਾ ਕਈ ਮਹੀਨੇ ਪਹਿਲਾਂ ਦੀ ਹੈ। ਗ੍ਰੰਥੀ ਗੁਰਵਿੰਦਰ ਸਿੰਘ ਨੂੰ ਲਗਭਗ 2 ਮਹੀਨੇ ਪਹਿਲਾਂ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਤੇ ਇਸ ਦੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜੀ ਜਾ ਚੁੱਕੀ ਸੀ।
ਗ੍ਰੰਥੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਨਿਰੀਖਣ ਕੀਤਾ ਤਾਂ ਕੁਝ ਅੰਗਾਂ ‘ਤੇ ਗਲਤ ਸ਼ਬਦਾਵਲੀ ਲਿਖੀ ਹੋਈ ਮਿਲੀ। ਇਸ ਦੇ ਬਾਅਦ ਉਨ੍ਹਾਂ ਨੇ ਸੰਗਤ ਨੂੰ ਇਸ ਦੀ ਜਾਣਕਾਰੀ ਦਿੱਤੀ ਤਾਂ ਕਿ ਉਨ੍ਹਾਂ ‘ਤੇ ਕਿਸੇ ਤਰ੍ਹਾਂ ਦਾ ਸ਼ੱਕ ਨਾ ਹੋਵੇ। ਪਿੰਡ ਦੇ ਸਰਪੰਚ ਨੇ ਮੰਗ ਕੀਤੀ ਹੈ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਾ ਜਾਵੇ ਤੇ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।