- Updated: June 18, 2026 09:34 AM
ਬਾਣੀ ਦੇ ਪੁੰਜ, ਨਿਮਰਤਾ ਅਤੇ ਸ਼ਰਧਾ ਦੇ ਪ੍ਰਤੀਕ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮੌਕੇ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੂਰੀ ਪਰਕਰਮਾ ਵਿੱਚ ਸੰਗਤਾਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਦੀਆਂ ਦਿਖਾਈ ਦਿੱਤੀਆਂ।
ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਗੁਰਦੁਆਰਾ ਰਾਮਸਰ ਸਾਹਿਬ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਅੱਜ ਦੇ ਦਿਨ ਨੂੰ ਸਮਰਪਿਤ ਥਾਂ-ਥਾਂ ’ਤੇ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ।
ਦਰਸ਼ਨਾਂ ਲਈ ਆਈਆਂ ਸੰਗਤਾਂ ਨੇ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਜਹਾਂਗੀਰ ਅਤੇ ਚੰਦੂ ਦੇ ਜ਼ੁਲਮਾਂ ਦਾ ਅੰਤ ਕਰਨ ਅਤੇ ਸਿੱਖੀ ਨੂੰ ਬਚਾਉਣ ਲਈ ਗੁਰੂ ਸਾਹਿਬ ਨੇ ਤੱਤੀ ਤਵੀ ’ਤੇ ਬੈਠ ਕੇ ਸ਼ਹੀਦੀ ਪ੍ਰਾਪਤ ਕੀਤੀ ਸੀ। ਗੁਰੂ ਸਾਹਿਬ ਦੀ ਇਸ ਬੇਮਿਸਾਲ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸੰਗਤਾਂ ਲੰਗਰ ਹਾਲ, ਜੋੜੇ ਘਰ ਅਤੇ ਹੋਰ ਥਾਵਾਂ ’ਤੇ ਨਿਸ਼ਕਾਮ ਸੇਵਾ ਕਰਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ।