ਜ਼ਹਿਰੀਲੀ ਸ਼ਰਾਬ ਕਾਂਡ ਦੀ ਜਾਂਚ ਲਈ ਉੱਚ-ਪੱਧਰੀ ਕਮੇਟੀ ਦਾ ਹੋਇਆ ਗਠਨ

ਜ਼ਹਿਰੀਲੀ ਸ਼ਰਾਬ ਕਾਂਡ ਦੀ ਜਾਂਚ ਲਈ ਉੱਚ-ਪੱਧਰੀ ਕਮੇਟੀ ਦਾ ਹੋਇਆ ਗਠਨ

ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। 10 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਇਸ ਤੋਂ ਇਲਾਵਾ ਸੰਗਰੂਰ ਅਤੇ ਪਟਿਆਲਾ ਵਿੱਚ 31 ਲੋਕ ਅਜੇ ਵੀ ਜ਼ੇਰੇ ਇਲਾਜ ਹਨ। ਮਰਨ ਵਾਲੇ ਜ਼ਿਆਦਾਤਰ ਲੋਕ ਸੁਨਾਮ ਹਲਕੇ ਅਧੀਨ ਪੈਂਦੇ ਟਿੱਬੀ ਰਵਿਦਾਸਪੁਰਾ ਦੇ ਵਸਨੀਕ ਸਨ। ਇਸ ਮਾਮਲੇ ਵਿਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਖੁਦ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿਚ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਉਧਰ ਡੀਸੀ ਜਤਿੰਦਰ ਜੋਰਵਾਲ ਦਾ ਕਹਿਣਾ ਹੈ ਕਿ ਹਾਈ ਪਾਵਰ ਜਾਂਚ ਕਮੇਟੀ ਰਾਤ ਜਾਂ ਸਵੇਰ ਤੱਕ ਆਪਣੀ ਰਿਪੋਰਟ ਦੇਵੇਗੀ। ਰਿਪੋਰਟ ਮੁਤਾਬਕ ਕਾਰਵਾਈ ਲਈ ਸਰਕਾਰ ਨੂੰ ਸਿਫਾਰਸ਼ਾਂ ਭੇਜੀਆਂ ਜਾਣਗੀਆਂ।

ਇਸ ਦੀ ਜਾਂਚ ਲਈ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਢਿੱਲੋਂ ਆਈਪੀਐਸ ਦੀ ਅਗਵਾਈ ਵਿੱਚ ਚਾਰ ਮੈਂਬਰੀ ਐਸਆਈਟੀ, ਜਿਸ ਵਿੱਚ ਡੀਆਈਜੀ ਪਟਿਆਲਾ ਰੇਂਜ ਹਰਚਰਨ ਭੁੱਲਰ ਆਈਪੀਐਸ, ਐਸਐਸਪੀ ਸੰਗਰੂਰ ਸਰਤਾਜ ਚਾਹਲ ਆਈਪੀਐਸ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਸ਼ਾਮਲ ਹਨ, ਜਾਂਚ ਦੀ ਨਿਗਰਾਨੀ ਕਰਨਗੇ।ਕਮੇਟੀ ਸਾਜ਼ਿਸ਼ ਦੀ ਤਹਿ ਤੱਕ ਜਾਵੇਗੀ। ਇਸ ਵਿਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ। ਅਣ-ਪ੍ਰਮਾਣਿਤ ਅਫਵਾਹਾਂ ਦਾ ਸ਼ਿਕਾਰ ਨਾ ਹੋਵੋ।