- Updated: October 26, 2024 09:42 AM
ਭਾਰਤ ਅਤੇ ਕੈਨੇਡਾ ਦਰਮਿਆਨ ਵਧਦੇ ਤਣਾਅ ਤੋਂ ਬਾਅਦ ਦੇਸ਼ ਪਰਤੇ ਡਿਪਲੋਮੈਟ ਸੰਜੇ ਵਰਮਾ ਨੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਖਾਲਿਸਤਾਨੀ ਪ੍ਰਭਾਵ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਬਾਰੇ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਖਾਲਿਸਤਾਨੀ ਦਹਿਸ਼ਤਗਰਦਾਂ ਅਤੇ ਕੱਟੜਪੰਥੀਆਂ ਵੱਲੋਂ ਕੱਟੜਪੰਥੀ ਬਣਾਉਣ ਦੀਆਂ ਕੋਸ਼ਿਸ਼ਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਵਰਮਾ ਨੇ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੇਨਤੀ ਕੀਤੀ ਜਿਨ੍ਹਾਂ ਦੇ ਬੱਚੇ ਕੈਨੇਡਾ ਵਿੱਚ ਰਹਿੰਦੇ ਹਨ, ਉਹ ਆਪਣੇ ਬੱਚਿਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ, ਉਨ੍ਹਾਂ ਦੀ ਸਥਿਤੀ ਨੂੰ ਸਮਝਣ ਦੀ ਕੋਸ਼ਿਸ਼ ਕਰਨ ਅਤੇ ਉਨ੍ਹਾਂ ਨੂੰ ਗ਼ਲਤ ਫ਼ੈਸਲੇ ਲੈਣ ਤੋਂ ਰੋਕਣ ਦੀ ਕੋਸ਼ਿਸ਼ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਨੇਡਾ ਵਿੱਚ ਪੜ੍ਹਨ ਦੀ ਉਮੀਦ ਰੱਖਣ ਵਾਲੇ ਭਾਰਤੀਆਂ ਨੂੰ ਦੋ ਵਾਰ ਸੋਚਣਾ ਚਾਹੀਦਾ ਹੈ ਕਿਉਂਕਿ ਬਹੁਤ ਸਾਰੇ ਵਿਦਿਆਰਥੀ ਲੱਖਾਂ ਰੁਪਏ ਖਰਚਣ ਦੇ ਬਾਵਜੂਦ ਨੌਕਰੀ ਦੀ ਸੰਭਾਵਨਾ ਤੋਂ ਬਿਨਾਂ ਘਟੀਆ ਕਾਲਜਾਂ ਵਿੱਚ ਜਾ ਚੁੱਕੇ ਹਨ, ਨਤੀਜੇ ਵਜੋਂ ਡਿਪਰੈਸ਼ਨ ਦੇ ਸ਼ਿਕਾਰ ਹੋ ਰਹੇ ਹਨ ਅਤੇ ਖੁਦਕੁਸ਼ੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ 2023 ਦੀ ਆਬਾਦੀ ਅਨੁਸਾਰ ਕੈਨੇਡਾ ਵਿੱਚ ਕੁੱਲ 319000 ਭਾਰਤੀ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਹਨ। ਇਸ ਸਮੇਂ ਉਨ੍ਹਾਂ ਨੂੰ ਖਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਬਹੁਤ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਅਰਥਚਾਰੇ ਨੂੰ ਦੇਖਦੇ ਹੋਏ ਉੱਥੇ ਨੌਕਰੀਆਂ ਦਾ ਸੰਕਟ ਹੈ। ਇਸੇ ਲਈ ਖਾਲਿਸਤਾਨੀ ਅੱਤਵਾਦੀ ਭਾਰਤੀ ਵਿਦਿਆਰਥੀਆਂ ਨੂੰ ਆਸਾਨੀ ਨਾਲ ਫਸਾਉਂਦੇ ਹਨ। ਉਹ ਭਾਰਤੀ ਵਿਦਿਆਰਥੀਆਂ ਨੂੰ ਪੈਸੇ ਅਤੇ ਭੋਜਨ ਦੀ ਪੇਸ਼ਕਸ਼ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਯੋਜਨਾਵਾਂ 'ਤੇ ਕੰਮ ਕਰਨ ਲਈ ਮਜਬੂਰ ਕਰਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਵਿਦਿਆਰਥੀਆਂ ਨੂੰ ਭਾਰਤੀ ਡਿਪਲੋਮੈਟਿਕ ਇਮਾਰਤਾਂ ਦੇ ਬਾਹਰ ਪ੍ਰਦਰਸ਼ਨ ਕਰਨ, ਭਾਰਤ ਵਿਰੋਧੀ ਨਾਅਰੇ ਲਗਾਉਣ ਜਾਂ ਝੰਡੇ ਦਾ ਅਪਮਾਨ ਕਰਨ ਵਾਲੀਆਂ ਤਸਵੀਰਾਂ ਅਤੇ ਵੀਡੀਓ ਬਣਾਉਣ ਲਈ ਉਕਸਾਇਆ ਜਾਂਦਾ ਹੈ, ਫਿਰ ਪਨਾਹ ਲੈਣ ਲਈ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੂੰ ਇਹ ਕਹਿਣਾ ਹੁੰਦਾ ਹੈ, ਜੇਕਰ ਉਹ ਭਾਰਤ ਵਾਪਸ ਚਲੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ। ਅਜਿਹੇ ਕਈ ਵਿਦਿਆਰਥੀਆਂ ਨੂੰ ਸ਼ਰਣ ਦੇਣ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਅੱਗੇ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ 'ਤੇ ਕਈ ਤਰ੍ਹਾਂ ਦੇ ਮਾੜੇ ਪ੍ਰਭਾਵ ਪਾਏ ਜਾ ਰਹੇ ਹਨ, ਜੋ ਉਨ੍ਹਾਂ ਨੂੰ ਗ਼ਲਤ ਦਿਸ਼ਾ ਵੱਲ ਧੱਕ ਰਹੇ ਹਨ।
ਸੰਜੇ ਵਰਮਾ ਨੇ ਅੱਗੇ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਖਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਵੱਲੋਂ ਕੱਟੜਪੰਥੀ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕੈਨੇਡਾ ਵਿੱਚ ਰਹਿ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਬੱਚਿਆਂ ਨਾਲ ਲਗਾਤਾਰ ਗੱਲਬਾਤ ਕਰਨ ਅਤੇ ਉਨ੍ਹਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨ। 2022 ਤੋਂ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੇ ਸੰਜੇ ਵਰਮਾ ਨੇ ਇਸ ਹਫ਼ਤੇ ਇੱਕ ਇੰਟਰਵਿਊ ਵਿੱਚ ਪੀ.ਟੀ.ਆਈ ਨੂੰ ਦੱਸਿਆ, "ਮੇਰੇ ਕਾਰਜਕਾਲ ਵਿੱਚ ਇੱਕ ਸਮੇਂ ਵਿੱਚ, ਹਰ ਹਫ਼ਤੇ ਘੱਟੋ-ਘੱਟ ਦੋ ਵਿਦਿਆਰਥੀਆਂ ਦੀਆਂ ਲਾਸ਼ਾਂ ਬਾਡੀ ਬੈਗ ਵਿੱਚ ਭਾਰਤ ਭੇਜੀਆਂ ਜਾਂਦੀਆਂ ਸਨ।" ਵਿਦਿਆਰਥੀ ਅਸਫਲਤਾ ਤੋਂ ਬਾਅਦ ਆਪਣੇ ਮਾਪਿਆਂ ਦਾ ਸਾਹਮਣਾ ਕਰਨ ਦੀ ਬਜਾਏ, "ਖੁਦਕੁਸ਼ੀ ਕਰ ਰਹੇ ਸਨ"।