ਬੰਬ ਦੀ ਧਮਕੀ ਤੋਂ ਬਾਅਦ ਗੁਰਦਾਸਪੁਰ ਪੁਲਿਸ ਹਾਈ ਅਲਰਟ ''ਤੇ

ਬੰਬ ਦੀ ਧਮਕੀ ਤੋਂ ਬਾਅਦ ਗੁਰਦਾਸਪੁਰ ਪੁਲਿਸ ਹਾਈ ਅਲਰਟ ''ਤੇ

ਗੁਰਦਾਸਪੁਰ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਅਤੇ ਆਜ਼ਾਦੀ ਦਿਵਸ (15 ਅਗਸਤ) ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਐੱਸ.ਐੱਸ.ਪੀ. ਅਦਿੱਤਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬੁੱਧਵਾਰ ਨੂੰ ਐਂਟੀ ਸੈਬੋਟੇਜ ਟੀਮ ਅਤੇ ਪੁਲਸ ਵੱਲੋਂ ਸ਼ਹਿਰ ਦੇ ਮੁੱਖ ਬਜ਼ਾਰਾਂ, ਜਨਤਕ ਥਾਵਾਂ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਇਸ ਦੌਰਾਨ ਐਂਟੀ ਸੈਬੋਟੇਜ ਟੀਮ ਨੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਮੁੱਖ ਚੌਕਾਂ ਅਤੇ ਵੱਖ-ਵੱਖ ਬਜ਼ਾਰਾਂ ਵਿੱਚ ਪਹੁੰਚ ਕੇ ਹਰ ਸ਼ੱਕੀ ਥਾਂ ਅਤੇ ਸ਼ੱਕੀ ਵਸਤੂ ਦੀ ਬਰੀਕੀ ਨਾਲ ਜਾਂਚ ਕੀਤੀ। ਟੀਮ ਵੱਲੋਂ ਸੁਰੱਖਿਆ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ।

ਐਂਟੀ ਸੈਬੋਟੇਜ ਟੀਮ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਅਦਿੱਤਿਆ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਪੂਰੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ 15 ਅਗਸਤ ਦੇ ਮੱਦੇਨਜ਼ਰ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਸੀ, ਪਰ ਸਕੂਲਾਂ ਨੂੰ ਮਿਲੀ ਧਮਕੀ ਤੋਂ ਬਾਅਦ ਚੌਕਸੀ ਹੋਰ ਵਧਾ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਗੁਰਦਾਸਪੁਰ ਪੁਲਿਸ ਵੱਲੋਂ ਇਸੇ ਤਰ੍ਹਾਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ, ਜਨਤਕ ਥਾਵਾਂ ਅਤੇ ਭੀੜ-ਭਾੜ ਵਾਲੇ ਸਥਾਨਾਂ ’ਤੇ ਲਗਾਤਾਰ ਚੈਕਿੰਗ ਜਾਰੀ ਰਹੇਗੀ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।