SGPC ਦਾ ਸ੍ਰੀ ਅਨੰਦਪੁਰ ਸਾਹਿਬ ਘਟਨਾ ਮਾਮਲੇ ‘ਚ ਐਕਸ਼ਨ, ਜਾਂਚ ਲਈ ਬਣਾਈ ਗਈ 4 ਮੈਂਬਰੀ ਕਮੇਟੀ

SGPC ਦਾ ਸ੍ਰੀ ਅਨੰਦਪੁਰ ਸਾਹਿਬ ਘਟਨਾ ਮਾਮਲੇ ‘ਚ ਐਕਸ਼ਨ, ਜਾਂਚ ਲਈ ਬਣਾਈ ਗਈ 4 ਮੈਂਬਰੀ ਕਮੇਟੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਲਈ SGPC ਵੱਲੋਂ 4 ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਜਾਂਚ ਕਮੇਟੀ ਵਿੱਚ ਸਰਦਾਰ ਬਲਦੇਵ ਸਿੰਘ ਕਾਇਮਪੁਰੀ, ਸਰਦਾਰ ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਸਰਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਸ਼ਾਮਲ ਕੀਤਾ ਗਿਆ ਹੈ। ਸਰਦਾਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਕਮੇਟੀ ਨੂੰ ਘਟਨਾ ਨਾਲ ਸਬੰਧਤ ਸਾਰੇ ਪੱਖਾਂ ਦੀ ਜਾਂਚ ਕਰਕੇ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।

SGPC ਪ੍ਰਧਾਨ ਨੇ ਕਿਹਾ ਕਿ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿਸ ਦੌਰਾਨ ਸੰਗਤ ਅਤੇ ਮੀਡੀਆ ਵੱਲੋਂ ਪੁੱਛੇ ਜਾਣ ਵਾਲੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਤਹਿਤ ਮਲਕੀਅਤ ਸਿੰਘ, ਵਧੀਕ ਹੈੱਡ ਗ੍ਰੰਥੀ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਮਰਜੀਤ ਸਿੰਘ ਚਾਵਲਾ ਵੱਲੋਂ ਦਿੱਤਾ ਗਿਆ ਅਸਤੀਫ਼ਾ ਵੀ ਮਨਜ਼ੂਰ ਕਰ ਲਿਆ ਗਿਆ ਹੈ।

ਹਰਜਿੰਦਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਵੱਖ-ਵੱਖ ਗੱਲਾਂ ਅਤੇ ਅਫਵਾਹਾਂ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਪਹਿਲਾਂ ਅਜਿਹੀ ਕੋਈ ਗਲਤ ਗੱਲ ਨਹੀਂ ਲਿਆਂਦੀ ਗਈ ਸੀ। ਉਨ੍ਹਾਂ ਮੀਡੀਆ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਮਰਿਆਦਾ ਅਤੇ ਸੰਜਮ ਬਣਾਈ ਰੱਖਿਆ ਜਾਵੇ।

SGPC ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੱਚਾਈ ਸਾਹਮਣੇ ਆਉਣੀ ਜ਼ਰੂਰੀ ਹੈ। ਉਨ੍ਹਾਂ ਪੁਲਿਸ ਜਾਂਚ ਨੂੰ ਵੀ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕਰਨ ਦੀ ਮੰਗ ਕੀਤੀ, ਤਾਂ ਜੋ ਜਾਂਚ ਦੌਰਾਨ ਕਿਸੇ ਨਾਲ ਵੀ ਬੇਇਨਸਾਫ਼ੀ ਨਾ ਹੋਵੇ।