- Updated: March 24, 2026 11:31 PM
ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਮੰਗਲਵਾਰ ਦੇਰ ਰਾਤ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।
ਸੋਨੀਆ ਗਾਂਧੀ ਨੂੰ ਛਾਤੀ ਵਿੱਚ ਸਮੱਸਿਆ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਹੈ। ਉਨ੍ਹਾਂ ਦਾ ਇਲਾਜ ਡਾਕਟਰ ਅਰੂਪ ਬਾਸੂ ਦੀ ਦੇਖ-ਰੇਖ ਹੇਠ ਚੱਲ ਰਿਹਾ ਹੈ। ਹਸਪਤਾਲ ਸੂਤਰਾਂ ਅਨੁਸਾਰ, ਜਦੋਂ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਤਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੋਵੇਂ ਉਨ੍ਹਾਂ ਦੇ ਨਾਲ ਮੌਜੂਦ ਸਨ। ਰਾਹੁਲ ਗਾਂਧੀ ਕੁਝ ਸਮੇਂ ਬਾਅਦ ਉੱਥੋਂ ਚਲੇ ਗਏ ਪਰ ਪ੍ਰਿਯੰਕਾ ਗਾਂਧੀ ਅਜੇ ਵੀ ਹਸਪਤਾਲ ਵਿੱਚ ਹੀ ਮੌਜੂਦ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਫਿਲਹਾਲ ਉਨ੍ਹਾਂ ਦੀ ਸਿਹਤ ਸਥਿਰ ਹੈ।
ਦੱਸ ਦੇਈਏ ਕਿ ਸੋਨੀਆ ਗਾਂਧੀ ਨੂੰ ਪਿਛਲੇ ਕੁਝ ਸਮੇਂ ਤੋਂ ਖਾਂਸੀ ਦੀ ਪੁਰਾਣੀ ਸ਼ਿਕਾਇਤ ਹੈ। ਇਸ ਤੋਂ ਪਹਿਲਾਂ ਜਨਵਰੀ 2026 ਵਿੱਚ ਵੀ ਉਨ੍ਹਾਂ ਨੂੰ ਲਗਭਗ 6 ਦਿਨਾਂ ਲਈ ਇਸੇ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ਸੀ। ਉਸ ਸਮੇਂ ਡਾਕਟਰਾਂ ਨੇ ਦੱਸਿਆ ਸੀ ਕਿ ਛਾਤੀ ਵਿੱਚ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਬ੍ਰੌਨਕਿਅਲ ਅਸਥਮਾ ਦੀ ਸਮੱਸਿਆ ਵਧ ਗਈ ਸੀ। ਉਹ 6 ਜਨਵਰੀ ਤੋਂ 11 ਜਨਵਰੀ ਤੱਕ ਹਸਪਤਾਲ ਵਿੱਚ ਇਲਾਜ ਅਧੀਨ ਰਹੇ ਸਨ। ਫਿਲਹਾਲ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।