- Updated: May 25, 2026 12:55 PM
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਕਾਲ ਤਖ਼ਤ ’ਤੇ ਜਵਾਬ ਭੇਜਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅਕਾਲ ਤਖ਼ਤ ਵੱਲੋਂ ਭੇਜਿਆ ਗਿਆ ਪੱਤਰ ਜਿਸ ਵਿੱਚ ਇਤਰਾਜ਼ਯੋਗ ਮੱਦਾਂ ਦਾ ਜ਼ਿਕਰ ਕੀਤਾ ਗਿਆ ਸੀ, ਨੂੰ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਵਾਸਤੇ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਦਿੱਤਾ ਗਿਆ ਅਲਟੀਮੇਟਮ ਦਾ ਸਮਾਂ ਖ਼ਤਮ ਹੋਣ ਕੰਢੇ ਹੈ ਅਤੇ ਸਰਕਾਰ ਵੱਲੋਂ ਇਤਰਾਜ਼ਯੋਗ ਮੱਦਾਂ ਵਿੱਚ ਸੋਧ ਸਬੰਧੀ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਅਕਾਲ ਤਖ਼ਤ ’ਤੇ ਸੱਦਿਆ ਗਿਆ ਸੀ ਅਤੇ ਇਤਰਾਜ਼ਯੋਗ ਮੱਦਾਂ ਬਾਰੇ ਜਾਣੂ ਕਰਵਾਇਆ ਗਿਆ ਸੀ। ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸਪੀਕਰ ਨੂੰ ਇਸ ਮਾਮਲੇ ਵਿੱਚ ਇਤਰਾਜ਼ਯੋਗ ਮੱਦਾਂ ਨੂੰ ਹਟਾਉਣ ਲਈ ਆਖਿਆ ਗਿਆ ਸੀ। ਉਨ੍ਹਾਂ ਆਖਿਆ ਸੀ ਕਿ ਸਰਕਾਰ ਇਸ ਮਾਮਲੇ ਵਿੱਚ 15 ਦਿਨਾਂ ਦੇ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਅਤੇ ਇਨ੍ਹਾਂ ਇਤਰਾਜ਼ਯੋਗ ਮੱਦਾਂ ਨੂੰ ਹਟਾਇਆ ਜਾਵੇ ਜਾਂ ਇਨ੍ਹਾਂ ਵਿੱਚ ਸੋਧ ਕੀਤੀ ਜਾਵੇ। 15 ਦਿਨਾਂ ਦੀ ਮਿਆਦ 26 ਮਈ ਨੂੰ ਖਤਮ ਹੋਣ ਜਾ ਰਹੀ ਹੈ ਪਰ ਇਸ ਮਾਮਲੇ ਵਿੱਚ ਹੁਣ ਤੱਕ ਸਰਕਾਰ ਵੱਲੋਂ ਅਕਾਲ ਤਖ਼ਤ ਦੇ ਆਦੇਸ਼ ਮੰਨਣ ਜਾਂ ਨਾ ਮੰਨਣ ਬਾਰੇ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ ਹੈ।