- Updated: March 10, 2026 05:05 PM
ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ ਜ਼ਿਲ੍ਹੇ ’ਚ ਗਰਮੀਆਂ ਨੂੰ ਸ਼ਾਮ 6 ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਤੋਂ ਸਵੇਰੇ 7 ਵਜੇ ਤੱਕ ਗਊਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਵਾਉਣ ਦੇ ਹੁਕਮ ਵੀ ਦਿੱਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕੀਤੇ ਕਿ ਕੋਈ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਵੱਲੋਂ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ’ਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਪੂਰਨ ਪਾਬੰਦੀ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ’ਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉੱਪ-ਮੰਡਲ ਮੈਜਿਸਟ੍ਰੇਟ ਦੀ ਲਿਖਤੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਛੱਪੜ ਨਹੀਂ ਪੂਰੇਗਾ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ’ਚ ਗਲੀਆਂ/ਰਸਤਿਆਂ ’ਚ ਨਾਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ 7 ਮਈ 2026 ਤੱਕ ਲਾਗੂ ਰਹਿਣਗੇ।