- Updated: November 23, 2026 03:58 PM
ਲੋਹੀਆਂ ਖ਼ਾਸ ਵਿਖੇ ਪਿੰਡ ਗੱਟੀ ਰਾਏਪੁਰ ’ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 15 ਸਾਲਾ ਮੋਟਰਸਾਈਕਲ ਸਵਾਰ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਪਿੰਡ ਗੱਟੀ ਰਾਏਪੁਰ ਵਜੋਂ ਹੋਈ ਹੈ। ਉਹ ਅਕਾਲ ਗਲੈਕਸੀ ਕਾਨਵੈਂਟ ਸਕੂਲ, ਲੋਹੀਆਂ ’ਚ ਨੌਵੀਂ ਜਮਾਤ ਦਾ ਵਿਦਿਆਰਥੀ ਸੀ।
ਜਾਣਕਾਰੀ ਮੁਤਾਬਕ ਗੁਰਪੁਰਬ ਮੌਕੇ ਹੁਸਨਦੀਪ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ’ਚ ਸੇਵਾ ਕਰਨ ਗਿਆ ਸੀ। ਸੇਵਾ ਕਰਨ ਤੋਂ ਬਾਅਦ ਉਹ ਮੋਟਰਸਾਈਕਲ 'ਤੇ ਪਿੰਡ ਦੀ ਦੁਕਾਨ ਤੋਂ ਸਾਮਾਨ ਲੈਣ ਜਾ ਰਿਹਾ ਸੀ। ਇਸੇ ਦੌਰਾਨ ਸੜਕ 'ਤੇ ਇਕ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ 'ਚ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਜਦਕਿ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਰਾਹਗੀਰਾਂ ਨੇ ਜ਼ਖ਼ਮੀ ਵਿਦਿਆਰਥੀ ਨੂੰ ਵੇਖ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪਿਤਾ ਜਸਵੰਤ ਸਿੰਘ ਅਤੇ ਪਿੰਡ ਵਾਸੀ ਉਸ ਨੂੰ ਤੁਰੰਤ ਜੋਸਨ ਹਸਪਤਾਲ, ਲੋਹੀਆਂ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਹੁਸਨਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਬੇਵਕਤੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ। ਅਕਾਲ ਗਲੈਕਸੀ ਕਾਨਵੈਂਟ ਸਕੂਲ ਦੀ ਪ੍ਰਿੰਸੀਪਲ ਅਮਨਪ੍ਰੀਤ ਕੌਰ ਨੇ ਵੀ ਵਿਦਿਆਰਥੀ ਦੀ ਮੌਤ ’ਤੇ ਡੂੰਘਾ ਦੁੱਖ਼ ਪ੍ਰਗਟਾਇਆ। ਲੋਹੀਆਂ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫ਼ਰਾਰ ਅਣਪਛਾਤੇ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।