- Updated: June 18, 2026 03:36 PM
ਮੋਗਾ ਦੇ ਸਬ-ਡਿਵੀਜ਼ਨ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਸੁੱਖਾਨੰਦ ਵਿਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਉਰਫ਼ ਗੱਗੂ ਵਾਸੀ ਪਿੰਡ ਚੀਦਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਡੀਐੱਸਪੀ ਬਾਘਾਪੁਰਾਣਾ ਅਤੇ ਐੱਸਆਈ ਮੰਗਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦਿਆਂ ਡੀਐੱਸਪੀ ਬਾਘਾਪੁਰਾਣਾ ਜਸਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਹਨ। ਪੁਲਸ ਅਨੁਸਾਰ ਮੁੱਢਲੀ ਜਾਂਚ ਵਿਚ ਮ੍ਰਿਤਕ ਅਤੇ ਮੁਲਜ਼ਮ ਵਿਚਕਾਰ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ, ਜਿਸ ਕਾਰਨ ਇਹ ਘਟਨਾ ਵਾਪਰੀ ਹੋਣ ਦਾ ਸ਼ੱਕ ਹੈ। ਫਿਲਹਾਲ ਪੁਲਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।