- Updated: October 28, 2026 01:51 PM
ਪੰਜਾਬ 'ਚ ਮੌਜੂਦਾ ਸਿਆਸੀ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਜਿਹੀ ਸਥਿਤੀ ਬਣ ਗਈ ਹੈ, ਜਿਸ ਨੂੰ ਉਨ੍ਹਾਂ ਆਪਣੀ ਜ਼ਿੰਦਗੀ 'ਚ ਪਹਿਲਾਂ ਕਦੇ ਨਹੀਂ ਦੇਖਿਆ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਸੂਬੇ 'ਚ ਪ੍ਰਸ਼ਾਸਨਿਕ ਕੰਟਰੋਲ ਦੀ ਘਾਟ ਹੈ ਅਤੇ ਪੁਲਸ ਵੀ ਆਪਣੇ ਤੌਰ ’ਤੇ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਜਿੰਨੀ ਜਲਦੀ ਹੋ ਸਕੇ, ਮੌਜੂਦਾ ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ ਹੈ। ਉਨ੍ਹਾਂ ਚੋਣ ਕਮਿਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਚੋਣ ਜ਼ਾਬਤਾ ਲੱਗਦਾ ਹੈ ਅਤੇ ਚੋਣਾਂ ਹੁੰਦੀਆਂ ਹਨ ਤਾਂ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਦਾ ਨੁਕਸਾਨ ਕੀਤਾ ਹੈ।
ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਪੰਜਾਬ ਆਉਣ ਸਬੰਧੀ ਸਵਾਲ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਪੰਜਾਬ ਆ ਚੁੱਕੇ ਹਨ ਅਤੇ ਉਨ੍ਹਾਂ ਦੇ ਆਉਣ-ਜਾਣ ਨਾਲ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦਾ ਭਵਿੱਖ ਪੰਜਾਬੀਆਂ ਦੇ ਹੱਥ 'ਚ ਹੋਵੇਗਾ।
ਸੁਖਬੀਰ ਬਾਦਲ ਨੇ ਸੰਭਾਵਿਤ ਸਿਆਸੀ ਗੱਠਜੋੜ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਆਪਣਾ ਪੱਖ ਸਪੱਸ਼ਟ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤਾਂ ਅਤੇ ਪਾਰਟੀ ਦੀ ਨੀਤੀ ਨੂੰ ਸਵੀਕਾਰ ਕਰਦੀਆਂ ਹਨ, ਉਨ੍ਹਾਂ ਨਾਲ ਗੱਲਬਾਤ ਹੋ ਸਕਦੀ ਹੈ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਨਾਂ ਲੈਂਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਤੋਂ ਇਲਾਵਾ ਜੇਕਰ ਕੋਈ ਪ੍ਰਸਤਾਵ ਆਉਂਦਾ ਹੈ ਤਾਂ ਉਸ ’ਤੇ ਵਿਚਾਰ ਕੀਤਾ ਜਾ ਸਕਦਾ ਹੈ।