CM ਮਾਨ ਨੂੰ ਸੁਖਬੀਰ ਬਾਦਲ ਨੇ ਭੇਜਿਆ ਕਾਨੂੰਨੀ ਨੋਟਿਸ, ਕਿਹਾ- ਦੋਸ਼ ਸਾਬਤ ਕਰੋ, ਨਹੀਂ ਤਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹੋ

CM ਮਾਨ ਨੂੰ ਸੁਖਬੀਰ ਬਾਦਲ ਨੇ ਭੇਜਿਆ ਕਾਨੂੰਨੀ ਨੋਟਿਸ, ਕਿਹਾ- ਦੋਸ਼ ਸਾਬਤ ਕਰੋ, ਨਹੀਂ ਤਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹੋ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ 'ਚ ਮੁੱਖ ਮੰਤਰੀ ਮਾਨ 'ਤੇ ਦੋਸ਼ ਲਗਾਇਆ ਗਿਆ ਹੈ ਕਿ ਉਹ ਇਕ ਹਫ਼ਤੇ 'ਚ ਦੋਸ਼ ਸਾਬਤ ਕਰਨ ਜਾਂ ਮੁਆਫ਼ੀ ਮੰਗਣ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਖਿਲਾਫ਼ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ।   

ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ ਕਿ "ਮੁੱਖ ਮੰਤਰੀ ਵੱਲੋਂ ਲੋਕਾਂ ਦਾ ਧਿਆਨ ਖੇਤੀ ਮੁੱਦਿਆਂ ਤੋਂ ਭਟਕਾਉਣ ਲਈ ਲਾਏ ਗਏ ਦੋਸ਼ਾਂ ਨੂੰ ਸਹੀ ਸਾਬਤ ਕਰਨਾ ਚਾਹੀਦਾ ਹੈ। ਜੇਕਰ ਸੀ.ਐਮ. ਮਾਨ ਅਜਿਹਾ ਨਹੀਂ ਕਰਦੇ ਤਾਂ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।" ਮੰਤਰੀ ਭਗਵੰਤ ਮਾਨ ਨੇ ਸੁਖ ਵਿਲਾਸ (ਹੋਟਲ) ਨੂੰ ਈਕੋ ਟੂਰਿਜ਼ਮ ਨੀਤੀ ਤਹਿਤ 108.73 ਕਰੋੜ ਰੁਪਏ ਦਾ ਲਾਭ ਦੇਣ ਦਾ ਦੋਸ਼ ਲਾਇਆ ਸੀ। 

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਭੇਜੇ ਨੋਟਿਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿਚ ਬਾਦਲ ਨੇ ਕਿਹਾ  ਕਿ "ਮੈਂ ਆਪਣੇ ਨਿੱਜੀ ਕਾਰੋਬਾਰ ਦੇ ਸਬੰਧ ਵਿਚ ਮੇਰੇ 'ਤੇ ਘਪਲੇਬਾਜ਼ੀ ਅਤੇ ਮਨਘੜਤ ਦੋਸ਼ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ 7 ਦਿਨਾਂ ਦੇ ਅੰਦਰ ਲਿਖਤੀ ਮੁਆਫ਼ੀ ਮੰਗਣ ਲਈ ਇੱਕ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਹੈ ਕਿ ਅਜਿਹਾ ਨਾ ਕਰਨ 'ਤੇ ਅਪਰਾਧਿਕ ਮਾਣਹਾਨੀ ਦੇ ਨੋਟਿਸ ਦਾ ਸਾਹਮਣਾ ਕਰਨ ਲਈ ਤਿਆਰ ਰਹੋ।  

ਉਹ ਪਹਿਲਾਂ ਹੀ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਹੋਣ ਤੋਂ ਬਚ ਰਹੇ ਹਨ, ਜਿੱਥੇ ਮੈਂ ਲੁਧਿਆਣਾ ਵਿਚ ਆਯੋਜਿਤ ਇੱਕ ਸਮਾਗਮ ਦੌਰਾਨ ਮੇਰੇ ਅਤੇ ਮੇਰੇ ਪਰਿਵਾਰ ਅਤੇ ਮੇਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਜਾਣਬੁੱਝ ਕੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਪਹਿਲਾਂ ਉਹਨਾਂ ਦੇ ਝੂਠ ਨੂੰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਸੀ ਪਰ ਹੁਣ ਉਹਨਾਂ ਨੂੰ ਮੁਆਫ਼ੀ ਮੰਗਣੀ ਪਵੇਗੀ ਜਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣ।