- Updated: November 17, 2026 05:16 PM
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਬੁਢਲਾਡਾ ਵਿਖੇ 'ਬਿਜ਼ਨੈੱਸ ਸੁਖਬੀਰ, ਤੁਹਾਡੀ ਗੱਲ ਪੰਜਾਬ ਵੱਲ' ਦੇ ਬੈਨਰ ਹੇਠ ਇਲਾਕੇ ਦੇ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਵਿਸ਼ੇਸ਼ ਮਿਲਣੀ ਕਰਕੇ ਸਿੱਧੀ ਗੱਲਬਾਤ ਕੀਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਵਪਾਰਕ ਖੇਤਰ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ, ਉਨ੍ਹਾਂ ਦੇ ਸੁਝਾਅ ਸੁਣਨਾ ਅਤੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਮਜ਼ਬੂਤ ਕਰਨ ਲਈ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਾ ਸੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਭਵਿੱਖ ਸਬੰਧੀ ਆਪਣਾ ਵਿਜ਼ਨ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਅਜਿਹੀਆਂ ਨੀਤੀਆਂ ਬਣਾਉਣ ਦੀ ਲੋੜ ਹੈ, ਜਿਹੜੀਆਂ ਸਿਰਫ਼ ਕਾਗਜ਼ਾਂ ਤੱਕ ਸੀਮਤ ਨਾ ਰਹਿਣ, ਸਗੋਂ ਆਮ ਲੋਕਾਂ, ਛੋਟੇ ਦੁਕਾਨਦਾਰਾਂ, ਵਪਾਰੀਆਂ, ਕਿਸਾਨਾਂ, ਉਦਯੋਗਪਤੀਆਂ, ਨੌਜਵਾਨਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਇਲਾਕੇ ਦੀਆਂ ਆਪਣੀਆਂ ਵੱਖਰੀਆਂ ਲੋੜਾਂ ਅਤੇ ਸਮੱਸਿਆਵਾਂ ਹਨ, ਇਸ ਲਈ ਸਥਾਨਕ ਹਾਲਾਤ ਨੂੰ ਧਿਆਨ 'ਚ ਰੱਖ ਕੇ ਵਿਸ਼ੇਸ਼ ਲੋਕਲਾਈਜ਼ਡ ਸਕੀਮਾਂ ਲਿਆਂਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਤਰੱਕੀ ਵਿੱਚ ਵਪਾਰਕ ਵਰਗ ਦਾ ਬਹੁਤ ਵੱਡਾ ਯੋਗਦਾਨ ਹੈ। ਜੇਕਰ ਵਪਾਰੀਆਂ, ਛੋਟੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਚੰਗਾ ਮਾਹੌਲ, ਸਰਕਾਰੀ ਸਹੂਲਤਾਂ ਅਤੇ ਕਾਰੋਬਾਰ ਵਧਾਉਣ ਦੇ ਮੌਕੇ ਮਿਲਣ ਤਾਂ ਸੂਬੇ ਵਿੱਚ ਨਿਵੇਸ਼ ਵਧ ਸਕਦਾ ਹੈ ਅਤੇ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਉਦਯੋਗਿਕ ਪੱਖੋਂ ਮਜ਼ਬੂਤ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।