ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਵਾਲੀ ਪਟੀਸ਼ਨ ਕੀਤੀ ਖ਼ਾਰਜ

ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਵਾਲੀ ਪਟੀਸ਼ਨ ਕੀਤੀ ਖ਼ਾਰਜ

ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨ ਨੂੰ ਲੈ ਕੇ ਜਾਰੀ ਵਿਵਾਦ ਨਾਲ ਸੰਬੰਧਿਤ ਜਨਹਿਤ ਪਟੀਸ਼ਨ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ ਹੈ। ਪਟੀਸ਼ਨ ਰੱਦ ਕਰਦੇ ਹੋਏ ਕੋਰਟ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਇਹ ਪਟੀਸ਼ਨ ਕਿਉਂ ਖ਼ਾਰਜ ਹੋਈ ਹੈ। ਅਜਿਹੀਆਂ ਪਟੀਸ਼ਨਾਂ ਨੂੰ ਦੇਖਣਾ ਸੁਪਰੀਮ ਕੋਰਟ ਦਾ ਕੰਮ ਨਹੀਂ। ਪਟੀਸ਼ਨ 'ਚ ਅਦਾਲਤ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦਾ ਨਿਰਦੇਸ਼ ਲੋਕ ਸਭਾ ਸਕੱਤਰੇਤ ਨੂੰ ਦੇਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨ 'ਚ ਕਿਹਾ ਗਿਆ ਕਿ ਲੋਕ ਸਭਾ ਸਕੱਤਰੇਤ ਦਾ ਬਿਆਨ ਅਤੇ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਉਦਘਾਟਨੀ ਸਮਾਰੋਹ ਲਈ ਜਾਰੀ ਕੀਤਾ ਗਿਆ ਸੱਦਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।

ਕਿਸਨੇ ਦਾਇਰ ਕੀਤੀ ਸੀ ਪਟੀਸ਼ਨ
ਸੁਪਰੀਮ ਕੋਰਟ ਦੇ ਵਕੀਲ ਸੀ.ਆਰ. ਜਯਾ ਸੁਕਿਨ ਨੇ ਇਹ ਜਨਹਿਤ ਪਟੀਸ਼ਨ ਦਾਇ ਕੀਤੀ ਸੀ। ਇਸ ਵਿਚ ਕਿਹਾ ਗਿਆ ਕਿ ਉਦਘਾਟਨ ਸਮਾਰੋਹ 'ਚ ਰਾਸ਼ਟਰਪਤੀ ਨੂੰ ਸ਼ਾਮਲ ਨਾ ਕਰਕੇ ਭਾਰਤ ਸਰਕਾਰ ਨੇ ਭਾਰਤੀ ਸੰਵਿਧਾਨ ਦਾ ਉਲੰਘਣ ਕੀਤਾ ਹੈ। ਅਜਿਹਾ ਕਰਕੇ ਸੰਵਿਧਾਨ ਦਾ ਸਨਮਾਨ ਨਹੀਂ ਕੀਤਾ ਜਾ ਰਿਹਾ ਹੈ। ਸੰਸਦ ਭਾਰਤ ਦੀ ਸਰਵਉੱਚ ਵਿਧਾਨਕ ਸੰਸਥਾ ਹੈ। ਭਾਰਤੀ ਸੰਸਦ 'ਚ ਰਾਸ਼ਟਰਪਤੀ ਅਤੇ ਦੋ ਸਦਨ (ਰਾਜਾਂ ਦੀ ਕੌਂਸਲ) ਰਾਜ ਸਭਾ ਅਤੇ ਜਨਤਾ ਦਾ ਸਦਨ ਲੋਕ ਸਭਾ ਸ਼ਾਮਲ ਹਨ। ਰਾਸ਼ਟਰਪਤੀ ਕੋਲ ਕਿਸੇ ਵੀ ਸਦਨ ਨੂੰ ਤਲਬ ਕਰਨ ਅਤੇ ਮੁਅੱਤਲ ਕਰਨ ਦਾ ਅਧਿਕਾਰ ਹੈ। ਨਾਲ ਹੀ ਸੰਸਦ ਜਾਂ ਲੋਕ ਸਭਾ ਨੂੰ ਭੰਗ ਕਰਨ ਦੀ ਸ਼ਕਤੀ ਵੀ ਰਾਸ਼ਟਰਪਤੀ ਕੋਲ ਹੈ। ਅਜਿਹੇ 'ਚ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਰਾਸ਼ਟਰਪਤੀ ਦੁਆਰਾ ਕੀਤਾ ਜਾਣਾ ਚਾਹੀਦਾ ਹੈ।

ਨਵੀਂ ਸੰਸਦ ਦੇ ਉਦਘਾਟਨ ਦੇ ਮੁੱਦੇ 'ਤੇ ਛਿੜਿਆ ਘਮਾਸਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਇਸ 'ਤੇ ਕਾਫੀ ਸਿਆਸਤ ਹੋ ਰਹੀ ਹੈ। ਤਮਾਮ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹ ਰਹੀਆਂ ਹਨ। ਵਿਰੋਧੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਦੇਸ਼ ਦੀ ਸੰਸਦ ਦਾ ਉਦਘਾਟਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੱਥੋਂ ਹੋਣਾ ਚਾਹੀਦਾ ਹੈ, ਪ੍ਰਧਾਨ ਮੰਤਰੀ ਦੇ ਹੱਥੋਂ ਨਹੀਂ। ਇੰਨਾ ਹੀ ਨਹੀਂ ਹੁਣ ਤਕ 21 ਵਿਰੋਧੀ ਪਾਰਟੀਆਂ ਨੇ ਉਦਘਾਟਨ ਸਮਾਰੋਹ ਦੇ ਬਾਈਕਾਟ ਦਾ ਐਲਾਨ ਵੀ ਕੀਤਾ ਹੈ। ਹਾਲਾਂਕਿ, ਐੱਨ.ਡੀ.ਏ. ਦੇ ਘਟਕ ਸਮੇਤ 25 ਪਾਰਟੀਆਂ ਨੇ ਨਵੇਂ ਸੰਸਦ ਭਵ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।