ਮਣੀਪੁਰ ਵੀਡੀਓ ਮਾਮਲੇ ''ਤੇ ਸੁਪਰੀਮ ਕੋਰਟ ਦਾ ਸਖਤ ਰੁਖ-"ਜੇ ਸਰਕਾਰ ਨੇ ਸਖਤ ਕਦਮ ਨਾ ਚੁੱਕੇ ਤਾਂ ਅਸੀਂ ਲਵਾਂਗੇ ਐਕਸ਼ਨ"

ਮਣੀਪੁਰ ਵੀਡੀਓ ਮਾਮਲੇ ''ਤੇ ਸੁਪਰੀਮ ਕੋਰਟ ਦਾ ਸਖਤ ਰੁਖ-

ਮਣੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਵਿੱਚ ਗੁੱਸੇ ਦਾ ਮਾਹੌਲ ਹੈ। ਇਸੇ ਵਿਚਾਲੇ ਸੁਪਰੀਮ ਕੋਰਟ ਨੇ ਇਸ ਘਟਨਾ ‘ਤੇ ਸਖਤ ਰੁਖ ਅਪਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਘਟਨਾ ਦੀ ਵੀਡੀਓ ਨੂੰ ਲੈ ਕੇ ਬਹੁਤ ਪਰੇਸ਼ਾਨ ਹੈ। ਇਸ ਮਾਮਲੇ ਵਿੱਚ ਦੇਸ਼ ਦੇ ਚੀਫ ਜਸਟਿਸ ਚੰਦਰਚੂੜ ਨੇ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਚੀਫ ਜਸਟਿਸ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨਿਕ ਅਧਿਕਾਰਾਂ ਦੀ ਉਲੰਘਣਾ ਹੈ, ਜੇਕਰ ਸਰਕਾਰ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕਰੇਗੀ ਤਾਂ ਅਸੀਂ ਕਰਾਂਗੇ।

ਇਸ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਾਰਵਾਈ ਦੇ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਸਰਕਾਰ ਤੋਂ ਰਿਪੋਰਟ ਵੀ ਤਲਬ ਕੀਤੀ ਹੈ। ਸੁਪ੍ਰੀਮ ਕੋਰਟ ਨੇ ਦੱਸਿਆ ਕਿ ਅਗਲੇ ਹਫ਼ਤੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ। ਇਸ ਮਾਮਲੇ ਨੂੰ ਲੈ ਕੇ CJI ਚੰਦਰਚੂੜ ਨੇ ਕਿਹਾ ਕਿ ਸਾਨੂ ਇਨ੍ਹਾਂ ਤਸਵੀਰਾਂ ਨਾਲ ਬਹੁਤ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਦੱਸਿਆ ਜਾਵੇ ਕਿ ਜਿਹੜੇ ਲੋਕ ਇਸਦੇ ਜ਼ਿੰਮੇਵਾਰ ਹਨ, ਉਨ੍ਹਾਂ ‘ਤੇ ਕੀ ਕਾਰਵਾਈ ਹੋਈ ਹੈ।

ਉਥੇ ਹੀ ਦੂਜੇ ਪਾਸੇ ਮਣੀਪੁਰ ਦੇ CM ਐੱਨ ਬੀਰੇਨ ਸਿੰਘ ਨੇ ਕਿਹਾ ਕਿ ਅਸੀਂ ਸਾਰੇ ਦੋਸ਼ੀਆਂ ਨੂੰ ਮੌ.ਤ ਦੀ ਸਜ਼ਾ ਦਿਵਾਉਣ ਦੇ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਮੈਂ ਪੁਲਿਸ ਨੂੰ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਦੀ ਮੰਗ ਕਰਨਗੇ-ਮਾਲੀਵਾਲ
ਸਵਾਤੀ ਮਾਲੀਵਾਲ ਨੇ ਟਵੀਟ ਕੀਤਾ, “ਮੈਂ ਅੱਜ ਮਨੀਪੁਰ ਦੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਪੱਤਰ ਲਿਖਾਂਗੀ, ਮਣੀਪੁਰ ਵਿਚ ਹਿੰਸਾ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਅਤੇ ਲੜਕੀਆਂ ਉੱਤੇ ਹਮਲਾ ਕਰਨ ਵਾਲੇ ਵੀਡੀਓ ਵਿਚ ਦਿਖਾਈ ਦੇਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਾਂਗੀ। ਪੱਤਰ ਵਿਚ, ਮੈਂ ਮਣੀਪੁਰ ਦੇ ਮੁੱਖ ਮੰਤਰੀ ਨੂੰ ਬੇਨਤੀ ਕਰਾਂਗੀ ਕਿ ਮੈਨੂੰ ਬਚੇ ਲੋਕਾਂ, ਉਨ੍ਹਾਂ ਦੇ ਪ੍ਰਵਾਰਾਂ ਅਤੇ ਹੋਰ ਲੜਕੀਆਂ ਅਤੇ ਔਰਤਾਂ ਨੂੰ ਮਿਲਣ ਦੀ ਇਜਾਜ਼ਤ ਦਿਤੀ ਜਾਵੇ।
ਮਾਲੀਵਾਲ ਨੇ ਇੱਕ ਟਵੀਟ ਵਿਚ ਕਿਹਾ, "ਔਰਤਾਂ ਵਿਰੁੱਧ ਜਿਨਸੀ ਅਪਰਾਧਾਂ ਬਾਰੇ ਇੱਕ ਤੱਥ ਖੋਜ ਰਿਪੋਰਟ ਸਰਕਾਰ ਨੂੰ ਸੌਂਪਣਾ ਚਾਹੁੰਦੇ ਹਾਂ ਤਾਂ ਜੋ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾ ਸਕੇ।"

ਦੋਸ਼ੀਆਂ ਖ਼ਿਲਾਫ਼ ਕੀਤੀ ਜਾਵੇ ਸਖ਼ਤ ਕਾਰਵਾਈ- CM ਭਗਵੰਤ ਮਾਨ
ਸੀਐਮ ਭਗਵੰਤ ਮਾਨ ਨੇ ਵੀਰਵਾਰ ਨੂੰ ਟਵੀਟ ਕੀਤਾ ਕਿ ਅਜਿਹੀਆਂ ਘਟਨਾਵਾਂ ਨੂੰ ਸਾਡੇ ਸਮਾਜ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਮਾਨ ਨੇ ਕਿਹਾ, "ਮਣੀਪੁਰ ਵਿੱਚ ਵਾਪਰੀ ਘਟਨਾ ਬੇਹੱਦ ਸ਼ਰਮਨਾਕ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।"
ਮੁੱਖ ਮੰਤਰੀ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਇਸ ਘਿਨਾਉਣੀ ਘਟਨਾ ਦੇ ਦੋਸ਼ੀਆਂ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ... ਨਾਲ ਹੀ, ਮਣੀਪੁਰ ਦੀ ਸਥਿਤੀ ਵੱਲ ਵੀ ਧਿਆਨ ਦੇਣ ਦੀ ਲੋੜ ਹੈ, ਜੋ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ।