ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ਵਿਚ ਸੰਸਦ ਮੈਂਬਰ ਵਜੋਂ ਅੱਜ ਸਹੁੰ ਚੁੱਕ ਲਈ ਹੈ। ਇਸ ਮੌਕੇ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬੀ ਵਿਚ ਸਹੁੰ ਚੁੱਕੀ। ਮਈ ਮਹੀਨੇ ਦੌਰਾਨ ਹੋਈ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਹਾਸਲ ਕੀਤੀ ਸੀ। ਸੁਸ਼ੀਲ ਕੁਮਾਰ ਰਿੰਕੂ ਨੇ ਜ਼ਿਮਨੀ ਚੋਣ 57 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ ਸੀ। ਚੋਣਾਂ ਤੋਂ ਪਹਿਲਾਂ ਸੁਸ਼ੀਲ ਰਿੰਕੂ ਨੇ ਹਰ ਵਰਗ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ।

                    Image

ਸਹੁੰ ਚੁੱਕ ਸਮਾਗਮ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਜਲੰਧਰ ਵਾਸੀਆਂ ਵੱਲੋਂ ਜ਼ਿਮਨੀ ਚੋਣ ਵਿਚ ਵੱਡੀ ਜਿੱਤ ਦਿਵਾਉਣ ਨੂੰ ਲੈ ਕੇ ਸੁਸ਼ੀਲ ਰਿੰਕੂ ਨੇ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਨੂੰ ਲੈ ਕੇ ਜਿਹੜਾ ਕਾਲਾ ਕਾਨੂੰਨ ਕੇਂਦਰ ਨੇ ਬਣਾਇਆ ਹੈ, ਉਸ ਦਾ ਆਮ ਆਦਮੀ ਪਾਰਟੀ ਸਮੇਤ ਹੋਰ ਪਾਰਟੀਆਂ ਇਕੱਠੀਆਂ ਹੋ ਕੇ ਵਿਰੋਧ ਕਰਨਗੀਆਂ। ਇਸ ਦੇ ਇਲਾਵਾ ਸੁਸ਼ੀਲ ਰਿੰਕੂ ਨੇ ਕਿਹਾ ਕਿ ਪੰਜਾਬੀਆਂ ਦੀ ਆਵਾਜ਼ ਬਣ ਕੇ ਲੋਕ ਸਭਾ ਵਿਚ ਅਹਿਮ ਮੁੱਦੇ ਚੁੱਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਖਦੇ ਮਸਲੇ ਹੜ੍ਹਾਂ ਦਾ ਮਸਲਾ, ਪਾਣੀਆਂ ਦਾ ਮਸਲਾ, ਬੇਰੁਜ਼ਗਾਰੀ ਦਾ ਮਸਲਾ, ਜੀ. ਐੱਸ. ਟੀ. ਸਣੇ ਹੋਰ ਵੀ ਬਹੁਤ ਮਸਲੇ ਹਨ, ਜੋ ਹੋਲੀ-ਹੋਲੀ ਲੋਕ ਸਭਾ ਵਿਚ ਚੁੱਕੇ ਜਾਣਗੇ। 

ਜ਼ਿਕਰਯੋਗ ਹੈ ਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੰਸਦ ਮੈਂਬਰ ਹਨ। ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕ ਸਭਾ 'ਚ 'ਆਪ' ਦਾ ਕੋਈ ਮੈਂਬਰ ਨਹੀਂ ਬਚਿਆ ਸੀ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਦਿੱਲੀ ਤੋਂ ਆਮ ਆਦਮੀ ਪਾਰਟੀ ਦਾ ਕੋਈ ਵੀ ਸੰਸਦ ਮੈਂਬਰ ਨਹੀਂ ਚੁਣ ਸਕਿਆ ਸੀ। ਉੱਥੇ ਭਾਜਪਾ ਨੇ ਸਾਰੀਆਂ ਸੱਤ ਸੀਟਾਂ ਜਿੱਤੀਆਂ ਸਨ। ਹੁਣ ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੂੰ ਲੋਕ ਸਭਾ 'ਚ 'ਆਪ' ਦੇ ਇਕਲੌਤੇ ਸੰਸਦ ਮੈਂਬਰ ਵਜੋਂ ਆਪਣੀ ਭੂਮਿਕਾ ਨਿਭਾਉਣੀ ਪਵੇਗੀ।