- Updated: October 12, 2026 07:37 PM
ਪੰਜਾਬ ਪੁਲਸ ਦੀ ਰੋਪੜ ਰੇਂਜ ਦੇ ਤਤਕਾਲੀ ਡਿਪਟੀ ਇੰਸਪੈਕਟਰ ਜਨਰਲ ਹਰਚਰਨ ਸਿੰਘ ਭੁੱਲਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਈ. ਡੀ. ਨੇ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਸੀ। ਹੁਣ ਇਸ ਮਾਮਲੇ 'ਚ ਚੰਡੀਗੜ੍ਹ ਦੀ ਇਕ ਵਿਸ਼ੇਸ਼ ਪੀ. ਐੱਮ. ਐੱਲ. ਏ. ਅਦਾਲਤ ਨੇ ਪੁੱਛਗਿੱਛ ਲਈ ਭੁੱਲਰ ਨੂੰ 8 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਈ. ਡੀ. ਦੇ ਚੰਡੀਗੜ੍ਹ ਜ਼ੋਨਲ ਦਫ਼ਤਰ-1 ਵੱਲੋਂ ਜਾਰੀ ਪ੍ਰੈੱਸ ਨੋਟ ਮੁਤਾਬਕ ਭ੍ਰਿਸ਼ਟਾਚਾਰ ਅਤੇ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਚੱਲ ਰਹੀ ਜਾਂਚ ਦੇ ਆਧਾਰ 'ਤੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਬੀਤੇ ਦਿਨੀਂ 9 ਅਕਤੂਬਰ ਨੂੰ ਪੀ. ਐੱਮ. ਐੱਲ. ਏ, 2002 ਦੀ ਧਾਰਾ 19 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ. ਸੀ. ਬੀ.) ਚੰਡੀਗੜ੍ਹ ਵੱਲੋਂ ਦਰਜ ਕੀਤੀਆਂ ਗਈਆਂ ਦੋ ਐੱਫ਼. ਆਈ. ਆਰਜ਼ ਦੇ ਆਧਾਰ 'ਤੇ ਈ. ਡੀ. ਨੇ ਇਹ ਮਨੀ ਲਾਂਡਰਿੰਗ ਜਾਂਚ ਸ਼ੁਰੂ ਕੀਤੀ ਸੀ। ਇਸੇ ਮਾਮਲੇ 'ਚ ਈਡੀ ਨੇ 18 ਸਤੰਬਰ ਨੂੰ ਹਰਚਰਨ ਸਿੰਘ ਭੁੱਲਰ ਦੇ ਵਿਚੋਲੇ (ਕੋਡਵਿਨ) ਵਜੋਂ ਕੰਮ ਕਰਨ ਵਾਲੇ ਕ੍ਰਿਸ਼ਾਨੂ ਸ਼ਾਰਦਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਜਾਂਚ ਦੌਰਾਨ ਇਹ ਖ਼ੁਲਾਸਾ ਹੋਇਆ ਹੈ ਕਿ ਹਰਚਰਨ ਸਿੰਘ ਭੁੱਲਰ ਨੇ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਇਕ ਅਪਰਾਧਿਕ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਅਤੇ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪੁਲਸ ਦਖ਼ਲਅੰਦਾਜ਼ੀ ਦੇ ਆਪਣਾ ਕਾਰੋਬਾਰ ਜਾਰੀ ਰੱਖਣ ਦੀ ਇਜਾਜ਼ਤ ਦੇਣ ਬਦਲ 8 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ 'ਚੋਂ 5 ਲੱਖ ਰੁਪਏ ਕ੍ਰਿਸ਼ਾਨੂ ਸ਼ਾਰਦਾ ਜ਼ਰੀਏ ਸਵੀਕਾਰ ਵੀ ਕੀਤੇ ਗਏ ਸਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀ. ਬੀ. ਆਈ. ਵੱਲੋਂ ਹਰਚਰਨ ਸਿੰਘ ਭੁੱਲਰ ਦੇ ਘਰ ਛਾਪੇਮਾਰੀ ਦੌਰਾਨ 7.37 ਕਰੋੜ ਰੁਪਏ ਦੀ ਨਕਦੀ ਅਤੇ 2.32 ਕਰੋੜ ਰੁਪਏ ਦੇ ਗਹਿਣੇ ਬਰਾਮਦ ਕੀਤੇ ਗਏ ਸਨ। ਇਸ ਤੋਂ ਇਲਾਵਾ ਕਈ ਲਗਜ਼ਰੀ ਘੜੀਆਂ, ਮਹਿੰਗੀਆਂ ਗੱਡੀਆਂ, ਬੈਂਕ ਜਮ੍ਹਾਂ ਰਾਸ਼ੀ ਅਤੇ ਵੱਡੇ ਪੱਧਰ 'ਤੇ ਅਚੱਲ ਜਾਇਦਾਦਾਂ ਦੇ ਦਸਤਾਵੇਜ਼ ਵੀ ਹੱਥ ਲੱਗੇ ਸਨ। ਈ. ਡੀ. ਵੱਲੋਂ ਪੀ. ਐੱਮ. ਐੱਲ. ਏ. ਦੀ ਧਾਰਾ 17 ਤਹਿਤ ਕੀਤੀ ਗਈ ਵੱਖਰੀ ਛਾਪੇਮਾਰੀ ਦੌਰਾਨ 8.35 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਅਤੇ ਕਰੀਬ 1.42 ਕਰੋੜ ਰੁਪਏ ਦੇ ਬੈਂਕ ਖਾਤੇ ਫਰੀਜ਼ ਕੀਤੇ ਗਏ ਹਨ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਹਰਚਰਨ ਸਿੰਘ ਭੁੱਲਰ ਅਪਰਾਧ ਤੋਂ ਬਣੀ ਗੈਰ-ਕਾਨੂੰਨੀ ਕਮਾਈ ਨੂੰ ਹਾਸਲ ਕਰਨ, ਲੁਕਾਉਣ ਅਤੇ ਵਰਤਣ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਸਨ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।