- Updated: November 23, 2026 10:26 AM
ਤਾਮਿਲਨਾਡੂ ਦੇ ਤਿਰੂਚਿਰਾਪੱਲੀ ਜ਼ਿਲ੍ਹੇ ਵਿੱਚ ਐਤਵਾਰ ਸ਼ਾਮ ਨੂੰ ਥੁਰੈਯੂਰ-ਮੁਸੀਰੀ ਹਾਈਵੇਅ 'ਤੇ ਇੱਕ ਕਾਰ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਸੀ. ਜੋਸਫ਼ ਨੇ ਇਸ ਦੁਖਦਾਈ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' (X) 'ਤੇ ਲਿਖਿਆ, "ਤਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਇੱਕ ਹਾਦਸੇ ਦੌਰਾਨ ਹੋਈਆਂ ਮੌਤਾਂ ਬਹੁਤ ਹੀ ਦੁਖਦਾਈ ਹਨ। ਮੈਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"
ਉਨ੍ਹਾਂ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ, ਜਦਕਿ ਹਰੇਕ ਜ਼ਖ਼ਮੀ ਨੂੰ 50,000 ਰੁਪਏ ਦਿੱਤੇ ਜਾਣਗੇ।
ਤਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਸਪਤਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਖ਼ਮੀਆਂ ਨੂੰ ਬਿਹਤਰੀਨ ਡਾਕਟਰੀ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਦਫ਼ਤਰ (CMO) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ, ਇਹ ਹਾਦਸਾ ਕੋਥੁਰਪੱਟੀ ਫੋਰ ਰੋਡਜ਼ (ਚਾਰ-ਰਾਹੇ) ਨੇੜੇ ਵਾਪਰਿਆ, ਜਦੋਂ ਇੱਕ ਕਾਰ ਸੜਕ ਤੋਂ ਉਤਰ ਕੇ ਸੜਕ ਕਿਨਾਰੇ ਲੱਗੇ ਇੱਕ ਦਰੱਖਤ ਨਾਲ ਜਾ ਟਕਰਾਈ।