- Updated: May 19, 2026 07:19 PM
ਤਰਨਤਾਰਨ ਅਧੀਨ ਪੈਂਦੇ ਜੋਧਪੁਰ ਦੇਨੇ ਪਿੰਡ ਵਿੱਚ 17 ਸਾਲਾ ਨੌਜਵਾਨ ਦੇ ਕਤਲ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਏਕਨੂਰ ਸਿੰਘ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸੇ ਪਿੰਡ ਦੇ ਇੱਕ ਬੰਦੇ ਨੇ ਦੋ ਦਿਨ ਪਹਿਲਾਂ ਏਕਨੂਰ ਤੋਂ ਨਸ਼ੇ ਅਤੇ 200 ਰੁਪਏ ਦੀ ਮੰਗ ਕੀਤੀ ਸੀ।
ਜਾਣਕਾਰੀ ਮੁਤਾਬਕ ਜਦੋਂ ਏਕਨੂਰ ਸਿੰਘ ਨੇ ਉਸ ਨੂੰ ਨਸ਼ੇ ਅਤੇ ਪੈਸੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਤਾਂ ਦੋਸ਼ੀ ਨੇ ਉਸ ਕੋਲ ਮੌਜੂਦ 200 ਰੁਪਏ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਏਕਨੂਰ ਨੇ ਵਿਰੋਧ ਕੀਤਾ ਤਾਂ ਦੋਸ਼ੀ ਗਿੰਦਰ ਸਿੰਘ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਏਕਨੂਰ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਬੀਤੀ ਰਾਤ ਉਸ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਸੋਗ ਲਹਿਰ ਦੋੜ ਗਈ।
ਮ੍ਰਿਤਕ ਦੇ ਘਰ ਉਸਦੀ ਮਾਂ, ਛੋਟਾ ਭਰਾ, ਭੈਣ, ਪਿਤਾ ਅਤੇ ਦਾਦੇ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਸ ਦੀ ਮਾਂ ਵਾਰ-ਵਾਰ ਬੇਹੋਸ਼ ਹੋ ਰਹੀ ਹੈ। ਗਰੀਬ ਪਰਿਵਾਰ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਦਰ ਤਰਨਤਾਰਨ ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।