- Updated: March 28, 2025 11:34 AM
ਪੰਜਾਬ ਵਿਧਾਨ ਸਭਾ 'ਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਬਲੋਚਿਸਤਾਨ 'ਚ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਬਲੋਚਿਸਤਾਨ ਦੇ ਇਲਾਕੇ 'ਚ ਇਕ ਬੱਸ ਨੂੰ ਰੋਕ ਕੇ ਉਸ 'ਚੋਂ ਪੰਜਾਬੀਆਂ ਨੂੰ ਬਾਹਰ ਕੱਢਿਆ ਗਿਆ। ਇਨ੍ਹਾਂ ਪੰਜਾਬੀਆਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਦੌਰਾਨ 6 ਪੰਜਾਬੀਆਂ ਦੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਬਲੋਚਿਸਤਾਨ 'ਚ ਪਿਛਲੇ ਲੰਬੇ ਸਮੇਂ ਤੋਂ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੇ ਆਈ. ਡੀ. ਕਾਰਡ ਦੇਖ ਕੇ ਉਨ੍ਹਾਂ ਨੂੰ ਮਾਰਿਆ ਜਾ ਰਿਹਾ ਹੈ, ਜੋ ਕਿ ਬਹੁਤ ਗੰਭੀਰ ਮਸਲਾ ਹੈ। ਇਸ ਦੇ ਲਈ ਸਮੁੱਚੇ ਸਦਨ ਨੂੰ ਨਿੰਦਾ ਪ੍ਰਸਤਾਵ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣਾ ਚਾਹੀਦਾ ਹੈ।
ਗਿਆਸਪੁਰਾ ਨੇ ਕਿਹਾ ਕਿ ਬਲੋਚਿਸਤਾਨ 'ਚ ਬੈਠੇ ਪੰਜਾਬੀਆਂ ਦੀ ਜਾਨ-ਮਾਲ ਦੀ ਰੱਖਿਆ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਮਰੀਕਾ 'ਚੋਂ ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਅਤੇ ਹੁਣ ਬਲੋਚਿਸਤਾਨ 'ਚ ਪੰਜਾਬੀਆਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ।