- Updated: February 25, 2025 08:30 AM
ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਐਤਵਾਰ ਨੂੰ ਕਿਹਾ ਕਿ ਉਹ ਦੁਨੀਆਂ ਭਰ ’ਚ ਅਮਰੀਕੀ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂ.ਐੱਸ.ਏਡ) ਦੇ ਕੁੱਝ ਕਰਮਚਾਰੀਆਂ ਨੂੰ ਛੱਡ ਕੇ ਬਾਕੀ ਸਾਰੇ ਮੁਲਾਜ਼ਮਾਂ ਨੂੰ ਛੁੱਟੀ ’ਤੇ ਭੇਜ ਰਿਹਾ ਹੈ ਅਤੇ ਅਮਰੀਕਾ ’ਚ ਘੱਟੋ-ਘੱਟ 1,600 ਨੌਕਰੀਆਂ ਖ਼ਤਮ ਕਰ ਰਿਹਾ ਹੈ।
ਫ਼ੈਡਰਲ ਸਰਕਾਰ ਦੇ ਆਕਾਰ ਨੂੰ ਘਟਾਉਣ ਲਈ ਰਾਸ਼ਟਰਪਤੀ ਟਰੰਪ ਅਤੇ ਸਰਕਾਰੀ ਕੁਸ਼ਲਤਾ ਵਿਭਾਗ ਵਿਚ ਉਨ੍ਹਾਂ ਦੇ ਸਹਿਯੋਗੀ ਐਲਨ ਮਸਕ ਵਲੋਂ ਚੁਕਿਆ ਗਿਆ ਇਹ ਤਾਜ਼ਾ ਅਤੇ ਸੱਭ ਤੋਂ ਵੱਡਾ ਕਦਮ ਹੈ। ਇਹ ਕਦਮ ਉਸ ਸਮੇਂ ਚੁਕਿਆ ਗਿਆ ਹੈ ਜਦੋਂ ਇਕ ਫੈਡਰਲ ਜੱਜ ਨੇ ਸ਼ੁਕਰਵਾਰ ਨੂੰ ਟਰੰਪ ਪ੍ਰਸ਼ਾਸਨ ਨੂੰ ਅਮਰੀਕਾ ਅਤੇ ਦੁਨੀਆਂ ਭਰ ਵਿਚ ਹਜ਼ਾਰਾਂ ਯੂ.ਐਸ.ਏਡ ਮੁਲਾਜ਼ਮਾਂ ਨੂੰ ਕੱਢਣ ਦੀ ਅਪਣੀ ਯੋਜਨਾ ’ਤੇ ਅੱਗੇ ਵਧਣ ਦੀ ਇਜਾਜ਼ਤ ਦਿਤੀ ਸੀ। ਅਮਰੀਕੀ ਜ਼ਿਲ੍ਹਾ ਜੱਜ ਕਾਰਲ ਨਿਕੋਲਸ ਨੇ ਸਰਕਾਰ ਦੀ ਯੋਜਨਾ ਨੂੰ ਅਸਥਾਈ ਤੌਰ ’ਤੇ ਰੋਕਣ ਲਈ ਮੁਲਾਜ਼ਮਾਂ ਦੇ ਮੁਕੱਦਮੇ ਨੂੰ ਖਾਰਜ ਕਰ ਦਿਤਾ। (ਪੀਟੀਆਈ)
ਟਰੰਪ ਪ੍ਰਸ਼ਾਸਨ ਵਲੋਂ ਬੀਤੀ ਰਾਤ ਕਰੀਬ 12 ਵਜੇ ਯੂ.ਐਸ.ਏਡ ਦੇ ਮੁਲਾਜ਼ਮਾਂ ਨੂੰ ਸੰਦੇਸ਼ ਭੇਜਿਆ ਗਿਆ ਕਿ ਉਨ੍ਹਾਂ ਨੂੰ ਛੁੱਟੀ ’ਤੇ ਭੇਜਿਆ ਜਾ ਰਿਹਾ ਹੈ। ਨੋਟਿਸ ’ਚ ਇਹ ਵੀ ਕਿਹਾ ਗਿਆ ਹੈ ਕਿ ਕਰਮਚਾਰੀਆਂ ਦੀ ਕਟੌਤੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਅਮਰੀਕਾ ’ਚ 2,000 ਨੌਕਰੀਆਂ ਖਤਮ ਹੋ ਜਾਣਗੀਆਂ। ਬਾਅਦ ਵਿਚ ਯੂ.ਐਸ.ਏਡ ਦੀ ਵੈੱਬਸਾਈਟ ’ਤੇ ਪੋਸਟ ਕੀਤੇ ਗਏ ਇਕ ਨੋਟਿਸ ਵਿਚ ਖ਼ਾਲੀ ਕੀਤੇ ਅਹੁਦਿਆਂ ਦੀ ਗਿਣਤੀ ਘਟਾ ਕੇ 1,600 ਕਰ ਦਿਤੀ ਗਈ।
ਪ੍ਰਸ਼ਾਸਨ ਨੇ ਇਸ ਸਬੰਧ ’ਚ ਕੋਈ ਸਪੱਸ਼ਟੀਕਰਨ ਜਾਰੀ ਨਹੀਂ ਕੀਤਾ। ਯੂ.ਐਸ.ਏਡ ਅਤੇ ਵਿਦੇਸ਼ ਵਿਭਾਗ ਨੇ ਵੀ ਇਸ ਸਬੰਧ ’ਚ ਕੋਈ ਬਿਆਨ ਜਾਰੀ ਨਹੀਂ ਕੀਤਾ। ਯੂ.ਐਸ.ਏਡ ਦੇ ਡਿਪਟੀ ਪ੍ਰਸ਼ਾਸਕ ਪੀਟ ਮਾਰਕੋ ਨੇ ਸੰਕੇਤ ਦਿਤਾ ਕਿ ਉਹ ਲਗਭਗ 600 ਮੁਲਾਜ਼ਮਾਂ ਨੂੰ ਨੌਕਰੀ ’ਤੇ ਰੱਖਣ ਦੀ ਯੋਜਨਾ ਬਣਾ ਰਹੇ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਅਮਰੀਕਾ ਵਿਚ ਰਹਿੰਦੇ ਹਨ।