13 ਤੋਂ 15 ਅਪ੍ਰੈਲ ਤੱਕ ਪੰਜਾਬ ’ਚ ਗੜੇਮਾਰੀ ਤੇ ਮੀਂਹ ਪੈਣ ਦੀ ਸੰਭਾਵਨਾ, IMD ਵੱਲੋਂ ਕਿਸਾਨਾਂ ਲਈ ਐਡਵਾਇਜ਼ਰੀ ਜਾਰੀ

13 ਤੋਂ 15 ਅਪ੍ਰੈਲ ਤੱਕ ਪੰਜਾਬ ’ਚ ਗੜੇਮਾਰੀ ਤੇ ਮੀਂਹ ਪੈਣ ਦੀ ਸੰਭਾਵਨਾ, IMD ਵੱਲੋਂ ਕਿਸਾਨਾਂ ਲਈ ਐਡਵਾਇਜ਼ਰੀ ਜਾਰੀ

ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ’ਚ ਮੱਧ ਭਾਰਤ, ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ’ਚ 13 ਤੋਂ 15 ਅਪਰੈਲ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਯੂਪੀ ਸਮੇਤ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ 13 ਤੋਂ 15 ਅਪਰੈਲ ਤੱਕ ਮੀਂਹ, ਗੜੇਮਾਰੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਉਧਰ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲਿ੍ਹਆਂ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ’ਚ ਇਸ ਸਮੇਂ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦੇ ਕਰੀਬ ਹੈ। ਤਾਪਮਾਨ ਵਿਚ ਇਹ ਅਚਾਨਕ ਵਾਧਾ ਪਿਛਲੇ ਦੋ ਹਫ਼ਤਿਆਂ ’ਚ ਦੇਖਿਆ ਗਿਆ ਹੈ। ਪਰ ਸੋਮਵਾਰ ਤੋਂ ਤਾਪਮਾਨ ਘੱਟ ਜਾਵੇਗਾ। ਸ਼ਨੀਵਾਰ ਅਤੇ ਐਤਵਾਰ ਨੂੰ ਵੈਸਟਰਨ ਡਿਸਟਰਬੈਂਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਤਾਪਮਾਨ ਲਗਭਗ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਹੇਠਾਂ ਆ ਜਾਵੇਗਾ। ਫਿਰ ਲੋਕਾਂ ਨੂੰ ਕੁਝ ਰਾਹਤ ਮਿਲੇਗੀ।

ਮੌਸਮ ਵਿਭਾਗ ਨੇ ਇਕ ਬਿਆਨ ’ਚ ਕਿਹਾ ਕਿ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਲੋਕਾਂ ਅਤੇ ਪਸ਼ੂਆਂ ਨੂੰ ਆਉਂਦੇ ਦਿਨਾਂ ’ਚ ਖੁੱਲ੍ਹੇ ਵਿੱਚ ਨਾ ਵਿਚਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਉੱਤਰ-ਪੱਛਮੀ ਭਾਰਤ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਪੱਕੀਆਂ ਫ਼ਸਲਾਂ ਦੀ ਫੌਰੀ ਵਾਢੀ ਕਰ ਲੈਣ ਅਤੇ ਉਸ ਨੂੰ ਸੁਰੱਖਿਅਤ ਥਾਵਾਂ ’ਤੇ ਢੱਕ ਕੇ ਰੱਖਣ।

ਮੌਸਮ ਵਿਭਾਗ ਦੇ ਅਨੁਸਾਰ ਇੱਕ ਸਰਗਰਮ ਪੱਛਮੀ ਗੜਬੜ 12 ਅਪ੍ਰੈਲ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਹੈ। ਆਈਐਮਡੀ ਨੇ ਅੱਗੇ ਭਵਿੱਖਬਾਣੀ ਕੀਤੀ ਹੈ ਕਿ 13 ਤੋਂ 15 ਅਪ੍ਰੈਲ ਤੱਕ ਉੱਤਰ ਪ੍ਰਦੇਸ਼, ਬਿਹਾਰ, ਪੰਜਾਬ ਅਤੇ ਹਰਿਆਣਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਕਾਫ਼ੀ ਵਿਆਪਕ ਬਾਰਿਸ਼ ਅਤੇ 12 ਤੋਂ 15 ਅਪ੍ਰੈਲ ਤੱਕ ਰਾਜਸਥਾਨ ਵਿੱਚ ਗਰਜ ਅਤੇ ਬਿਜਲੀ ਨਾਲ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

IMDਨੇ ਭਵਿੱਖਬਾਣੀ ਕੀਤੀ ਹੈ ਕਿ 13 ਅਤੇ 14 ਤਰੀਕ ਨੂੰ ਜੰਮੂ ਅਤੇ ਕਸ਼ਮੀਰ ਅਤੇ 14 ਅਪ੍ਰੈਲ 2024 ਨੂੰ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 13 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। 14 ਅਪ੍ਰੈਲ ਨੂੰ ਪੂਰਬੀ ਰਾਜਸਥਾਨ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।