ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ ਜਿਸ ''ਚ 6 ਦੀ ਮੌਤ ਤੇ 14 ਹੋਏ ਜ਼ਖ਼ਮੀ

ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ ਜਿਸ ''ਚ 6 ਦੀ ਮੌਤ ਤੇ 14 ਹੋਏ ਜ਼ਖ਼ਮੀ

ਹਰਿਆਣਾ ਦੇ ਪਲਵਲ ਵਿਚ ਮੰਗਲਵਾਰ ਨੂੰ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਪਿਕ-ਅੱਪ ਵੈਨ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਦੌਰਾਨ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਹਾਦਸੇ ਵਿੱਚ ਮਰਨ ਵਾਲੇ ਅਤੇ ਜ਼ਖਮੀ ਹੋਏ ਲੋਕ ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ਦੇ ਰਹਿਣ ਵਾਲੇ ਸਨ। 

ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 4.30 ਵਜੇ ਹੋਇਆ ਹੈ, ਜਦੋਂ ਪਿਕਅਪ ਗੱਡੀ ਵਿਚ ਸਵਾਰ ਲੋਕ ਰਾਜਸਥਾਨ ਤੋਂ ਖਾਟੂ ਸ਼ਿਆਮ ਮੰਦਰ ਅਤੇ ਸੂਬੇ ਦੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ ਅਤੇ ਵ੍ਰਿੰਦਾਵਨ ਜਾ ਰਹੇ ਸਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸਾ ਗੱਡੀ ਚਲਾਉਂਦੇ ਸਮੇਂ ਡਰਾਈਵਰ ਨੂੰ ਨੀਂਦ ਦੀ ਝਪਕੀ ਲੱਗਣ ਕਾਰਨ ਵਾਪਰਿਆ ਹੈ, ਜਿਸ ਤੋਂ ਬਾਅਦ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਉਸ ਦੀ ਭਾਲ ਕਰ ਰਹੀ ਹੈ।

ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਤਿੰਨ ਔਰਤਾਂ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਵਿਜੇ (75), ਰਾਜਕੁਮਾਰ (40), ਰੇਸ਼ਮਾ (45), ਕਮਲਾ (65), ਸੁਧਾ (52) ਅਤੇ ਮਹੇਸ਼ (60) ਵਜੋਂ ਹੋਈ ਹੈ। ਹਾਦਸੇ ਕਾਰਨ ਜ਼ਖਮੀ ਹੋਏ ਲੋਕਾਂ ਨੂੰ ਪਲਵਲ ਦੇ ਹਸਪਤਾਲ ਲਿਜਾਇਆ ਗਿਆ, ਜਦੋਂ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਸੂਚਨਾ ਮਿਲਣ 'ਤੇ ਪੁਲਸ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਪੀੜਤਾਂ ਨੂੰ ਬਚਾਇਆ ਅਤੇ ਪਲਵਲ ਜ਼ਿਲ੍ਹਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਪੰਜ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ।