ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦਾ ਸਿੱਧੂ ਮੂਸੇਵਾਲਾ ਕਤਲਕਾਂਡ ''ਚ ਬਦਲਿਆ ਬਿਆਨ ,ਕਿਹਾ ਆਪਣੇ ਆਪ ਨੂੰ ਬੇਕਸੂਰ। 

 ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦਾ ਸਿੱਧੂ ਮੂਸੇਵਾਲਾ ਕਤਲਕਾਂਡ ''ਚ ਬਦਲਿਆ ਬਿਆਨ ,ਕਿਹਾ ਆਪਣੇ ਆਪ ਨੂੰ ਬੇਕਸੂਰ। 

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਮਾਨਸਾ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਆਪਣੇ ਵਕੀਲਾਂ ਰਾਹੀਂ ਇਹ ਪਟੀਸ਼ਨ ਦਾਇਰ ਕੀਤੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਇਸ ਮਾਮਲੇ 'ਚ ਯੂ-ਟਰਨ ਲੈਂਦਿਆਂ ਕਿਹਾ ਕਿ ਉਹ ਬੇਕਸੂਰ ਹਨ ਅਤੇ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਲਈ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾਣਾ ਚਾਹੀਦਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਅਦਾਲਤ ਵਿੱਚ ਹੋਵੇਗੀ।

ਦੱਸਿਆ ਜਾ ਰਿਹਾ ਹੈ ਕਿ ਅੱਜ ਮਾਨਸਾ ਦੀ ਅਦਾਲਤ 'ਚ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਦੋਸ਼ ਤੈਅ ਕਰਨ ਲਈ ਸੁਣਵਾਈ ਹੋਈ। ਇਸ ਦੌਰਾਨ ਦੋਵਾਂ ਗੈਂਗਸਟਰਾਂ ਦੇ ਵਕੀਲਾਂ ਨੇ ਪਟੀਸ਼ਨਾਂ ਦਾਇਰ ਕੀਤੀਆਂ। ਵਰਣਨਯੋਗ ਹੈ ਕਿ ਅਦਾਲਤ ਕੋਲ ਇਹ ਅਧਿਕਾਰ ਹੁੰਦਾ ਹੈ ਕਿ ਜੇਕਰ ਕਿਸੇ ਦੋਸ਼ੀ 'ਤੇ ਦੋਸ਼ ਸਾਬਤ ਨਾ ਹੋਣ ਤਾਂ ਉਸ ਨੂੰ ਡਿਸਚਾਰਜ ਕੀਤਾ ਜਾ ਸਕਦਾ ਹੈ।

ਗੈਂਗਸਟਰਾਂ ਵੱਲੋਂ ਪਾਈ ਪਟੀਸ਼ਨ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਰ ਕਿਸੇ ਨੂੰ ਆਪਣਾ ਪੱਖ ਪੇਸ਼ ਕਰਨ ਦਾ ਅਧਿਕਾਰ ਹੈ ਪਰ ਇਨ੍ਹਾਂ ਗੈਂਗਸਟਰਾਂ ਨੇ ਪਹਿਲਾਂ ਇੰਟਰਵਿਊਜ਼ ਅਤੇ ਫੋਨ ਕਾਲਾਂ ਰਾਹੀਂ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਕਤਲ ਕਿਉਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਕੋਲ ਬਹੁਤ ਪੈਸਾ ਹੈ, ਇਹ ਕੁਝ ਵੀ ਕਰ ਸਕਦੇ ਹਨ, ਮਹਿੰਗੇ ਤੋਂ ਮਹਿੰਗੇ ਵਕੀਲਾਂ ਨੂੰ ਰੱਖ ਸਕਦੇ ਹਨ।