- Updated: October 02, 2022 12:41 AM
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਤਰਕਸ਼ੀਲ ਭਵਨ ਵਿੱਚ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਸੂਬਾ ਤੇ ਕੇਂਦਰ ਸਰਕਾਰਾਂ ਵਿਰੁੱਧ 9 ਅਕਤੂਬਰ ਤੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਅੱਗੇ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਲਾਉਣ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਹ ਮੋਰਚਾ ਪੰਜਾਬ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਤੇ ਹੋਰ ਕਿਰਤੀਆਂ ਦੀਆਂ ਭਖ਼ਦੀਆਂ ਮੰਗਾਂ ਪ੍ਰਤੀ ਵੱਟੀ ਚੁੱਪ ਧਾਰਨ ਅਤੇ ਨਵੇਂ ਤੋਂ ਨਵੇਂ ਕਿਸਾਨ ਵਿਰੋਧੀ ਤੇ ਸਾਮਰਾਜੀ ਪੂੰਜੀਪਤੀਆਂ ਪੱਖੀ ਫ਼ੈਸਲੇ ਲਾਗੂ ਕਰਨ ਵਿਰੁੱਧ ਤਿੱਖੇ ਰੋਸ ਵਜੋਂ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਮੋਰਚੇ ਦੀਆਂ ਮੰਗਾਂ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਬੀਤੇ ਵਰ੍ਹੇ ਤੇ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ ਜਾਂ ਗੜੇਮਾਰੀ ਨਾਲ ਕਈ ਜ਼ਿਲ੍ਹਿਆਂ ’ਚ ਤਬਾਹ ਹੋਈਆਂ ਫ਼ਸਲਾਂ ਸਣੇ ਨੁਕਸਾਨੇ ਮਕਾਨਾਂ ਦਾ ਤੈਅ ਕੀਤਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ’ਚ ਬਿਨਾਂ ਵਿਤਕਰੇ ਤੋਂ ਤੁਰੰਤ ਵੰਡਿਆ ਜਾਵੇ। ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲੀ ਸੰਸਾਰ ਬੈਂਕ ਦੀ ਜਲ ਨੀਤੀ ਰੱਦ ਕੀਤੀ ਜਾਵੇ ਤੇ ਦੌਧਰ ਵਰਗੇ ਨਿੱਜੀ ਜਲ ਸੋਧ ਪ੍ਰਾਜੈਕਟ ਰੱਦ ਕੀਤੇ ਜਾਣ।