- Updated: July 07, 2023 09:27 PM
ਖਾਲਿਸਤਾਨ ਸਮਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਘਿਰਾਓ ਕਰਨ ਦੀ ਧਮਕੀ ਦਿੱਤੀ ਹੈ। ਇਸ ਦਾ ਜਵਾਬ ਦਿੰਦੇ ਹੋਏ ਬ੍ਰਿਟਿਸ਼ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। 5 ਜੁਲਾਈ ਦਿਨ ਵੀਰਵਾਰ ਨੂੰ ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਸ ਕਲੇਵਰਲੀ ਨੇ ਕਿਹਾ ਹੈ ਕਿ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ ਕੋਈ ਵੀ ਸਿੱਧਾ ਹਮਲਾ ਬਿਲਕੁਲ ਵੀ ਬਰਦਾਸ਼ਤਯੋਗ ਨਹੀਂ ਹੈ ਅਤੇ ਅਜਿਹਾ ਹੋਣ 'ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਹਿੰਦੁਸਟਾਨ ਟਾਈਮਸ ਦੀ ਖਬਰ ਦੇ ਮੁਤਾਬਿਕ ਵੱਖਵਾਦੀ ਜਥੇਬੰਦੀ ਸਿੱਖ ਫਾਰ ਜਸਟਿਸ ਨੇ 8 ਜੁਲਾਈ ਨੂੰ 'ਖਾਲਿਸਤਾਨ ਦੀ ਆਜ਼ਾਦੀ' ਦੇ ਨਾਂ ਹੇਠ ਰੈਲੀ ਕਰਨ ਦਾ ਐਲਾਨ ਕੀਤਾ ਹੈ। ਖਾਲਿਸਤਾਨ ਪੱਖੀ ਆਗੂਆਂ ਨੇ ਰੈਲੀ ਦੇ ਪ੍ਰਚਾਰ ਲਈ ਪੋਸਟਰ ਵੀ ਜਾਰੀ ਕੀਤਾ ਹੈ। "ਕਿਲ ਇੰਡੀਆ" ਸਿਰਲੇਖ ਵਾਲੇ ਪੋਸਟਰ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਟੋਰਾਂਟੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਅਪੂਰਵ ਸ਼੍ਰੀਵਾਸਤਵ 'ਤੇ ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਇਆ ਗਿਆ ਹੈ।
ਇਸ ਰੈਲੀ ਦਾ ਪੋਸਟਰ ਟਵਿੱਟਰ 'ਤੇ ਕਈ ਅਕਾਊਂਟਸ ਵੱਲੋਂ ਸ਼ੇਅਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਾਵਾਸ 'ਤੇ ਖਾਲਿਸਤਾਨੀਆਂ ਨੇ ਹਮਲਾ ਕੀਤਾ ਸੀ। ਇਸ ਦੇ ਨਾਲ ਹੀ ਆਸਟ੍ਰੇਲੀਆ, ਕੈਨੇਡਾ ਅਤੇ ਅਮਰੀਕਾ ਵਿਚ ਸੀਨੀਅਰ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਸਭ ਤੋਂ ਬਾਅਦ ਹੁਣ ਇਹ ਪੋਸਟਰ ਰਿਲੀਜ਼ ਹੋ ਗਿਆ ਹੈ। ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਜ਼ ਕਲੀਵਰਲੀ ਨੇ ਟਵੀਟ ਕੀਤਾ ਕਿ ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਕੋਈ ਵੀ ਸਿੱਧਾ ਹਮਲਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਅਸੀਂ ਯੂਕੇ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਅਤੇ ਭਾਰਤ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਹਾਈ ਕਮਿਸ਼ਨ ਵਿੱਚ ਸਟਾਫ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਭਾਰਤ ਵਿੱਚ ਬ੍ਰਿਟੇਨ ਦੇ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਕਲੀਵਰਲੀ ਦੇ ਟਵੀਚ ਦਾ ਹਵਾਲਾ ਦਿੰਦੇ ਹੋਏ ਇੱਕ ਟਵੀਟ ਪੋਸਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਭਾਰਤੀ ਅਧਿਕਾਰੀਆਂ ਦੀ ਸੁਰੱਖਿਆ ਦਾ ਖਾਸ ਖਿਆਲ ਰੱਖਿਆ ਜਾਵੇਗਾ।