ਵਿਜੀਲੈਂਸ ਦੀ ਭਰਤ ਇੰਦਰ ਚਾਹਲ ’ਤੇ ਕਾਰਵਾਈ; ਆਮਦਨ ਤੋਂ ਵੱਧ ਜਾਇਦਾਦ ਤਹਿਤ ਮਾਮਲਾ ਦਰਜ

ਵਿਜੀਲੈਂਸ ਦੀ ਭਰਤ ਇੰਦਰ ਚਾਹਲ ’ਤੇ ਕਾਰਵਾਈ; ਆਮਦਨ ਤੋਂ ਵੱਧ ਜਾਇਦਾਦ ਤਹਿਤ ਮਾਮਲਾ ਦਰਜ

ਭ੍ਰਿਸ਼ਟਾਚਾਰ ਵਿਰੁਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵਿਰੁਧ ਆਮਦਨ ਤੋਂ ਵੱਧ ਜਾਇਦਾਦ (ਡੀ.ਏ.) ਦਾ ਕੇਸ ਦਰਜ ਕੀਤਾ ਹੈ। ਭਰਤ ਇੰਦਰ ਚਾਹਲ ’ਤੇ ਆਮਦਨ ਦੇ ਜਾਣੂ ਸਰੋਤਾਂ ਤੋਂ 305% ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹਨ।

ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ।

                    Image

ਉਨ੍ਹਾਂ ਦਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜਾਣੂ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।  

ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਅਪਣੇ ਅਤੇ ਅਪਣੇ ਪ੍ਰਵਾਰਕ ਮੈਂਬਰਾਂ ਦੇ ਨਾਂਅ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ 'ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।