- Updated: May 06, 2026 06:56 PM
ਪੱਛਮੀ ਬੰਗਾਲ ਵਿਚ ਨਤੀਜਿਆਂ ਤੋਂ ਬਾਅਦ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸ਼ੁਰੂ ਹੋਈ ਹਿੰਸਾ ਵਿੱਚ ਹੁਣ ਤੱਕ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਕਈ ਥਾਵਾਂ 'ਤੇ ਤ੍ਰਿਣਮੂਲ ਕਾਂਗਰਸ ਦੇ ਦਫ਼ਤਰਾਂ 'ਤੇ ਹਮਲਿਆਂ, ਅੱਗਜ਼ਨੀ, ਭੰਨਤੋੜ ਅਤੇ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਦੇ ਘਰਾਂ 'ਤੇ ਹਮਲਿਆਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।
ਸੋਮਵਾਰ ਰਾਤ ਤੋਂ ਹੀ ਜਾਰੀ ਹਿੰਸਾ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੂਬੇ ਦੇ ਚੋਟੀ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਿੰਸਾ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੋਲਕਾਤਾ ਦੇ ਪੁਲਿਸ ਕਮਿਸ਼ਨਰ ਅਜੈ ਨੰਦ ਨੇ ਵੀ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਅਜਿਹੇ ਅਨਸਰਾਂ ਨੂੰ ਹਿੰਸਾ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਜਿੱਤ ਦੇ ਜਲੂਸ ਵਿੱਚ ਬੁਲਡੋਜ਼ਰ ਸ਼ਾਮਲ ਕਰਨ 'ਤੇ ਵੀ ਰੋਕ ਲਗਾ ਦਿੱਤੀ ਹੈ।
ਸੋਮਵਾਰ ਨੂੰ ਚੋਣ ਨਤੀਜਿਆਂ ਵਿੱਚ ਭਾਜਪਾ ਨੂੰ ਬਹੁਮਤ ਮਿਲਣ ਦੇ ਨਾਲ ਹੀ ਕੋਲਕਾਤਾ ਸਮੇਤ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਤ੍ਰਿਣਮੂਲ ਕਾਂਗਰਸ ਦੇ ਦਫ਼ਤਰਾਂ ਵਿੱਚ ਭੰਨਤੋੜ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗੀਆਂ। ਇਸ ਤੋਂ ਬਾਅਦ ਮੰਗਲਵਾਰ ਨੂੰ ਆਸਨਸੋਲ ਇਲਾਕੇ ਵਿੱਚ ਪਾਰਟੀ ਦੇ ਇੱਕ ਦਫ਼ਤਰ ਨੂੰ ਅੱਗ ਲਗਾ ਦਿੱਤੀ ਗਈ।