ਘਰ ਦੇ ਬਾਹਰ ਬੈਠੇ ਬਜ਼ੁਰਗ ''ਤੇ ਹੋਇਆ ਹਮਲਾ, ਬੁਰੀ ਤਰ੍ਹਾਂ ਕੁੱਟਿਆ , ਪੁਲਸ ਨੇ ਵੀਡੀਓ ਵਾਇਰਲ ਹੋਣ ਮਗਰੋਂ ਲਿਆ ਐਕਸ਼ਨ

ਘਰ ਦੇ ਬਾਹਰ ਬੈਠੇ ਬਜ਼ੁਰਗ ''ਤੇ ਹੋਇਆ ਹਮਲਾ, ਬੁਰੀ ਤਰ੍ਹਾਂ ਕੁੱਟਿਆ , ਪੁਲਸ ਨੇ ਵੀਡੀਓ ਵਾਇਰਲ ਹੋਣ ਮਗਰੋਂ ਲਿਆ ਐਕਸ਼ਨ

ਅੰਮ੍ਰਿਤਸਰ 'ਚ ਇਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਮਾਮਲੇ ਵਿਚ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੀ ਡਵੀਜ਼ਨ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਇਕ ਬਜ਼ੁਰਗ ਵਿਅਕਤੀ ਆਪਣੇ ਘਰ ਦੇ ਬਾਹਰ ਬਣੇ ਚਬੂਤਰੇ 'ਤੇ ਬੈਠੇ ਨਜ਼ਰ ਆ ਰਹੇ ਸਨ। ਇਸ ਦੌਰਾਨ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। 

ਵੀਡੀਓ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਸ ਨੇ ਤੁਰੰਤ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਬਜ਼ੁਰਗ ਦੀ ਪਛਾਣ ਸੁਭਾਸ਼ ਕੁਮਾਰ ਵਜੋਂ ਹੋਈ, ਜਿਨ੍ਹਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਅਤੇ ਪੂਰੇ ਮਾਮਲੇ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਪੁਲਸ ਜਾਂਚ ਵਿਚ ਸਾਹਮਣੇ ਆਇਆ ਕਿ ਸੁਭਾਸ਼ ਕੁਮਾਰ ਦੇ ਗੁਆਂਢ ਵਿਚ ਰਹਿਣ ਵਾਲੇ ਚਾਰ ਵਿਅਕਤੀਆਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਸੀ। ਮੁੱਢਲੀ ਜਾਂਚ ਅਨੁਸਾਰ ਇਹ ਮਾਮਲਾ ਆਪਸੀ ਨਿੱਜੀ ਰੰਜਿਸ਼ ਨਾਲ ਸਬੰਧਤ ਹੈ ਅਤੇ ਦੋਵਾਂ ਧਿਰਾਂ ਵਿਚਕਾਰ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਇਹ ਘਟਨਾ ਵਾਪਰੀ। 

ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਅਤੇ ਉਪਲਬਧ ਸਬੂਤਾਂ ਦੇ ਆਧਾਰ 'ਤੇ ਮਾਮਲੇ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਤੋਂ ਬਾਅਦ ਚਾਰਾਂ ਮੁਲਜ਼ਮਾਂ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣੇ ਹੱਥ ਵਿਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਸ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।