- Updated: June 18, 2025 07:43 PM
ਲੁਧਿਆਣਾ ਵਿਚ ਭਲਕੇ ਯਾਨੀ 19 ਤਾਰੀਖ਼ ਨੂੰ ਵੋਟਾਂ ਪੈਣਗੀਆਂ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 19 ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਸਵੇਰੇ 8 ਵਜੇ ਲੁਧਿਆਣਾ ਦੇ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸ਼ੁਰੂ ਹੋਵੇਗੀ। ਇਨ੍ਹਾਂ ਚੋਣਾਂ 'ਚ 174,437 ਵੋਟਰ 19 ਜੂਨ ਨੂੰ ਆਪਣੀ ਵੋਟ ਪਾਉਣਗੇ। ਕੁੱਲ੍ਹ 194 ਪੋਲਿੰਗ ਬੂਥ 66 ਥਾਵਾਂ 'ਤੇ ਸਥਾਪਿਤ ਕੀਤੇ ਜਾਣਗੇ।
ਇਥੇ ਦੱਸਣਯੋਗ ਹੈ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਘਰ ਵਿੱਚ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਸ਼੍ਰੋਮਣੀ ਅਕਾਲੀ ਦਲ ਨੇ ਇਥੇ ਪਰੋਪਕਾਰ ਸਿੰਘ ਘੁੰਮਣ, ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਭਾਜਪਾ ਨੇ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਸੀਟ ਲਈ ਕੁੱਲ੍ਹ 14 ਉਮੀਦਵਾਰ ਮੈਦਾਨ ਵਿੱਚ ਹਨ।
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੱਤਾਧਾਰੀ 'ਆਪ' ਦੀ ਰਾਸ਼ਟਰੀ ਲੀਡਰਸ਼ਿਪ ਲਈ ਇਕ ਅਗਨੀ ਪ੍ਰੀਖਿਆ ਵਜੋਂ ਵੇਖਿਆ ਜਾ ਰਿਹਾ ਹੈ। ਪਿਛਲੇ ਸਾਲ ਨਵੰਬਰ ਵਿੱਚ 'ਆਪ' ਨੇ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚੋਂ ਤਿੰਨ ਜਿੱਤੀਆਂ ਸਨ। ਇਸ ਤੋਂ ਪਹਿਲਾਂ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਵਿੱਚ 13 ਸੰਸਦੀ ਹਲਕਿਆਂ ਵਿੱਚੋਂ ਸਿਰਫ਼ ਤਿੰਨ ਜਿੱਤੀਆਂ ਸਨ।
'ਆਪ' ਲੀਡਰਸ਼ਿਪ ਨੇ ਵੋਟਰਾਂ ਨੂੰ ਅਰੋੜਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜੇਕਰ 'ਆਪ' ਉਮੀਦਵਾਰ ਉਪ ਚੋਣ ਵਿੱਚ ਚੁਣੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਪ੍ਰਗਟ ਸਿੰਘ ਸਮੇਤ ਪਾਰਟੀ ਆਗੂਆਂ ਨੇ ਆਸ਼ੂ ਲਈ ਪ੍ਰਚਾਰ ਕੀਤਾ।
ਜ਼ਿਮਨੀ ਚੋਣ ਵਿੱਚ ਭਾਜਪਾ ਦਾ ਵੱਕਾਰ ਵੀ ਦਾਅ 'ਤੇ ਲੱਗਿਆ ਹੋਇਆ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਰਵਨੀਤ ਸਿੰਘ ਬਿੱਟੂ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਨੇਤਾ ਤਰੁਣ ਚੁੱਘ ਅਤੇ ਹੋਰ ਕਈ ਆਗੂਆਂ ਨੇ ਗੁਪਤਾ ਲਈ ਪ੍ਰਚਾਰ ਕੀਤਾ। 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ, 'ਆਪ' ਦੇ 94 ਵਿਧਾਇਕ, ਕਾਂਗਰਸ ਦੇ 16, ਸ਼੍ਰੋਮਣੀ ਅਕਾਲੀ ਦਲ ਦੇ ਤਿੰਨ, ਭਾਜਪਾ ਦੇ ਦੋ ਅਤੇ ਬਹੁਜਨ ਸਮਾਜ ਪਾਰਟੀ ਦਾ ਇੱਕ ਵਿਧਾਇਕ ਹੈ, ਜਦੋਂ ਕਿ ਇੱਕ ਸੀਟ ਇੱਕ ਆਜ਼ਾਦ ਵਿਧਾਇਕ ਕੋਲ ਹੈ।