- Updated: September 21, 2026 10:55 AM
ਬਟਾਲਾ ਦੇ ਪਿੰਡ ਮੱਲਿਆਂਵਾਲ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਘਰ ਦੇ ਬਾਹਰ ਸੈਰ ਕਰ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਤੇ ਸਿਰ ਵਿਚ ਗੋਲੀ ਲੱਗਣ ਕਰਕੇ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਫਲਜੀਤ ਸਿੰਘ ਵਜੋਂ ਹੋਈ ਹੈ ਤੇ ਉਹ 5 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਲਜੀਤ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਕਿ ਇਸ ਦੌਰਾਨ ਕੁਝ ਵਿਅਕਤੀ ਉਸ ਕੋਲ ਆਏ ਤੇ ਗੱਲਬਾਤ ਕਰਨ ਲੱਗੇ। ਇਸ ਦੌਰਾਨ ਫਲਜੀਤ ਦੀ ਉਨ੍ਹਾਂ ਨਾਲ ਕਿਸੇ ਗੱਲ ਨੂੰ ਲੈ ਕੇ ਕਿਹਾ-ਸੁਣੀ ਹੋ ਗਈ ਤੇ ਉਨ੍ਹਾਂ ਨੇ ਫਲਜੀਤ ‘ਤੇ ਗੋਲੀ ਚਲਾ ਦਿੱਤੀ। ਗੋਲੀ ਫਲਜੀਤ ਦੇ ਸਿਰ ਵਿਚ ਲੱਗੀ। ਪਰਿਵਾਰ ਵਾਲੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਲੈ ਕੇ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਫਲਜੀਤ ਆਪਣੇ ਪਿੱਛੇ 2 ਮਾਸੂਮ ਵੀ ਛੱਡ ਕੇ ਗਿਆ ਹੈ। ਪੁਲਿਸ ਨੇ ਫਲਜੀਤ ਦੀ ਮ੍ਰਿਤਕ ਦੇਹ ਨੂੰ ਬਟਾਲਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਪਰਿਵਾਰ ਦੇ ਬਿਆਨਾਂ ਮੁਤਾਬਕ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।