- Updated: August 04, 2026 12:47 PM
ਸੁਲਤਾਨਪੁਰ ਲੋਧੀ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦਰਿਆ ਬਿਆਸ ਦੇ ਕੰਢੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ। ਮ੍ਰਿਤਕ ਦੀ ਪਛਾਣ ਸੋਨੂੰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਮੰਗੂਪੁਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਅਤੇ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਇਸ ਮਾਮਲੇ ਨੂੰ ਸ਼ੱਕੀ ਦੱਸਦਿਆਂ ਨੌਜਵਾਨ ਦੀ ਮੌਤ ਪਿੱਛੇ ਕਤਲ ਦੀ ਸੰਭਾਵਨਾ ਜਤਾਈ ਗਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।
ਮ੍ਰਿਤਕ ਦੇ ਮਾਮਾ ਜਸਵੰਤ ਸਿੰਘ ਵਾਸੀ ਮੰਗੂਪੁਰ ਨੇ ਦੱਸਿਆ ਕਿ ਸੋਨੂ ਸਿੰਘ 31 ਜੁਲਾਈ ਦੀ ਰਾਤ ਕਰੀਬ 9:30 ਵਜੇ ਰੋਟੀ ਖਾਣ ਤੋਂ ਬਾਅਦ ਘੁੰਮਣ ਲਈ ਘਰੋਂ ਬਾਹਰ ਗਿਆ ਸੀ। ਇਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂ ਆਪਣੇ ਪੱਧਰ ’ਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਜਸਵੰਤ ਸਿੰਘ ਨੇ ਦੱਸਿਆ ਕਿ 2 ਅਗਸਤ ਨੂੰ ਜਾਣਕਾਰੀ ਮਿਲੀ ਕਿ ਦਰਿਆ ਬਿਆਸ ਦੇ ਕੰਢੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਦੋਂ ਮੌਕੇ ’ਤੇ ਜਾ ਕੇ ਪਛਾਣ ਕੀਤੀ ਗਈ ਤਾਂ ਲਾਸ਼ ਸੋਨੂ ਸਿੰਘ ਦੀ ਨਿਕਲੀ।
ਪਰਿਵਾਰ ਦਾ ਦਾਅਵਾ ਹੈ ਕਿ ਮ੍ਰਿਤਕ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਸੋਨੂ ਸਿੰਘ ਦਾ ਕਤਲ ਹੋਇਆ ਹੈ।ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾਵੇ ਅਤੇ ਜੇਕਰ ਕੋਈ ਦੋਸ਼ੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਪੀ ਧੀਰੇਂਦਰ ਵਰਮਾ ਨੇ ਦੱਸਿਆ ਕਿ ਪੁਲਿਸ ਨੂੰ 2 ਅਗਸਤ ਨੂੰ ਦਰਿਆ ਬਿਆਸ ਵਿੱਚੋਂ ਇੱਕ ਲਾਸ਼ ਬਰਾਮਦ ਹੋਈ ਸੀ, ਜਿਸ ਦੀ ਪਛਾਣ ਸੋਨੂ ਸਿੰਘ ਵਾਸੀ ਮੰਗੂਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਏਐੱਸਪੀ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।