- Updated: November 16, 2026 02:55 PM
ਸਬ ਜੇਲ੍ਹ ਪੱਟੀ ਵਿਚ ਬੰਦ 27 ਸਾਲਾ ਨੌਜਵਾਨ ਬਿਕਰਮ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਵਲਟੋਹਾ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਧਾਰਾ 307 ਦੇ ਇਕ ਮਾਮਲੇ ਵਿਚ ਜੇਲ ਵਿਚ ਬੰਦ ਸੀ। ਮ੍ਰਿਤਕ ਦੇ ਵੱਡੇ ਭਰਾ ਜਗਮੋਹਨ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੇ ਭਰਾ ਨੂੰ ਜੇਲ ਅੰਦਰ ਇਨਫੈਕਸ਼ਨ ਹੋ ਗਿਆ ਸੀ, ਪਰ ਜੇਲ ਪ੍ਰਸ਼ਾਸਨ ਵੱਲੋਂ ਉਸ ਨੂੰ ਸਮੇਂ ਸਿਰ ਢੁੱਕਵਾਂ ਇਲਾਜ ਮੁਹੱਈਆ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਉਸ ਦੇ ਭਰਾ ਦਾ ਸਹੀ ਇਲਾਜ ਕਰਵਾਇਆ ਜਾਂਦਾ ਤਾਂ ਸ਼ਾਇਦ ਉਸ ਦੀ ਜਾਨ ਬਚ ਸਕਦੀ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਐਤਵਾਰ ਨੂੰ ਜੇਲ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਬਿਕਰਮ ਸਿੰਘ ਦੀ ਮੌਤ ਹੋਣ ਦੀ ਸੂਚਨਾ ਦਿੱਤੀ ਗਈ। ਇਹ ਦੁਖਦਾਈ ਖ਼ਬਰ ਸੁਣਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜੇਲ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਪਿੰਡ ਦੇ ਵਸਨੀਕ, ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਵੀ ਮੌਜੂਦ ਸਨ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।