ਅੰਮ੍ਰਿਤਸਰ ''ਚ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਨੌਜਵਾਨ ਦਾ 2 ਅਣਪਛਾਤਿਆਂ ਨੇ ਗੋਲੀਆਂ ਮਾਰ ਕੀਤਾ ਕਤਲ

ਅੰਮ੍ਰਿਤਸਰ ''ਚ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਨੌਜਵਾਨ ਦਾ 2 ਅਣਪਛਾਤਿਆਂ ਨੇ ਗੋਲੀਆਂ ਮਾਰ ਕੀਤਾ ਕਤਲ

ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਮੰਗਲਵਾਰ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਨਿਤਿਨ ਉਰਫ਼ ਚੀਕੂ ਨਾਮ ਦੇ ਨੌਜਵਾਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਹਮਲਾਵਰਾਂ ਨੇ ਨਿਤਿਨ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਗੰਭੀਰ ਰੂਪ ਵਿੱਚ ਜ਼ਖ਼ਮੀ ਨਿਤਿਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਕਰੀਬ ਇੱਕ ਤੋਂ ਡੇਢ ਘੰਟਾ ਪਹਿਲਾਂ ਪੁਲਿਸ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਦੀ ਪਛਾਣ ਵੀ ਕਰ ਲਈ ਹੈ ਅਤੇ ਉਮੀਦ ਹੈ ਕਿ ਇਸ ਮਾਮਲੇ ਨੂੰ ਜਲਦ ਹੀ ਸੁਲਝਾ ਲਿਆ ਜਾਵੇਗਾ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਪੁਰਾਣੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ।

ਏਡੀਸੀਪੀ ਨੇ ਦੱਸਿਆ ਕਿ ਮ੍ਰਿਤਕ ਨਿਤਿਨ ਉਰਫ਼ ਚੀਕੂ ਖ਼ਿਲਾਫ਼ ਪਹਿਲਾਂ ਤੋਂ ਕਈ ਅਪਰਾਧਿਕ ਮਾਮਲੇ ਦਰਜ ਸਨ। ਕਰੀਬ ਅੱਠ ਤੋਂ ਨੌਂ ਸਾਲ ਪਹਿਲਾਂ ਵੀ ਉਹ ਇੱਕ ਗੰਭੀਰ ਅਪਰਾਧਿਕ ਮਾਮਲੇ ਵਿੱਚ ਨਾਮਜ਼ਦ ਹੋਇਆ ਸੀ, ਜਿਸ ਤੋਂ ਬਾਅਦ ਉਹ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰਿਹਾ। ਇਸ ਸਾਲ ਵੀ ਉਹ ਇੱਕ ਹੋਰ ਮਾਮਲੇ ਵਿੱਚ ਜੇਲ੍ਹ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਸੀ। ਪੁਲਿਸ ਮੁਤਾਬਕ ਨਿਤਿਨ ਦੀ ਭੈਣ ਕੋਟ ਖਾਲਸਾ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ ਅਤੇ ਨਿਤਿਨ ਵੀ ਉਸ ਦੇ ਨਾਲ ਰਹਿੰਦਾ ਜਾਂ ਅਕਸਰ ਉੱਥੇ ਆਉਂਦਾ-ਜਾਂਦਾ ਸੀ।

ਫਿਲਹਾਲ ਫੋਰੈਂਸਿਕ ਟੀਮ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋਵੇਗਾ ਕਿ ਮ੍ਰਿਤਕ ਨੂੰ ਕਿੰਨੀਆਂ ਗੋਲੀਆਂ ਲੱਗੀਆਂ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।